ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਨਿੱਘੀ ਮੁਬਾਰਕਬਾਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਨਿੱਘੀ ਮੁਬਾਰਕਬਾਦ
Publish Date: Sat, 21 Nov 2026 05:02 PM (IST)
Updated Date: Sat, 21 Nov 2026 05:04 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ: ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਜਨਰਲ ਇਕੱਤਰਤਾ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੂੰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਭਾਰੀ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਮਨੋਰਮਾ ਸਮਾਗ, ਸਮੂਹ ਸਟਾਫ਼ ਤੇ ਵਿਦਿਆਰਥਣਾਂ ਵੱਲੋਂ ਹਰਜਿੰਦਰ ਸਿੰਘ ਧਾਮੀ ਤੇ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਹਾਰਦਿਕ ਵਧਾਈ ਦਿੱਤੀ ਗਈ। ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੀ ਦੂਰਅੰਦੇਸ਼ ਸੋਚ ਸਦਕਾ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਸਮੂਹ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਢਾਂਚੇ ਨੂੰ ਨਵੀਂ ਦਿਸ਼ਾ ਮਿਲੀ ਹੈ ਤੇ ਸਮੁੱਚਾ ਪ੍ਰਬੰਧ ਬੇਹੱਦ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਧਾਮੀ ਨੇ ਨਾ ਸਿਰਫ਼ ਵਿੱਦਿਆ ਦੇ ਖੇਤਰ ਵਿੱਚ ਸੁਧਾਰ ਲਿਆਂਦੇ, ਸਗੋਂ ਵਿੱਦਿਅਕ ਅਦਾਰਿਆਂ ਦਾ ਮਿਆਰ ਉੱਚਾ ਚੁੱਕਣ ਲਈ ਆਰਥਿਕ ਪੱਖੋਂ ਵੀ ਮਜ਼ਬੂਤ ਅਤੇ ਢੁਕਵਾਂ ਸਹਿਯੋਗ ਦਿੱਤਾ ਹੈ, ਜਿਸ ਸਦਕਾ ਸੰਸਥਾਵਾਂ ਆਰਥਿਕ ਪੱਖੋਂ ਆਤਮ-ਨਿਰਭਰ ਅਤੇ ਮਜ਼ਬੂਤ ਹੋ ਰਹੀਆਂ ਹਨ। ਉਨ੍ਹਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੇਂਡੂ ਖੇਤਰਾਂ ਵਿੱਚ ਲੜਕੀਆਂ ਦੀ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਇਸ ਸੰਸਥਾ ਵੱਲ ਹਮੇਸ਼ਾ ਵਿਸ਼ੇਸ਼ ਧਿਆਨ ਅਤੇ ਤਵੱਜੋ ਦਿੱਤੀ ਗਈ ਹੈ। ਵਿਦਿਆਰਥਣਾਂ ਨੂੰ ਆਧੁਨਿਕ ਸਹੂਲਤਾਂ, ਮਿਆਰੀ ਸਿੱਖਿਆ ਅਤੇ ਸਿੱਖੀ ਸੰਸਕਾਰਾਂ ਨਾਲ ਜੋੜਨ ਵਿੱਚ ਸ਼੍ਰੋਮਣੀ ਕਮੇਟੀ ਦਾ ਰੋਲ ਬੇਮਿਸਾਲ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਸ. ਧਾਮੀ ਦੇ ਨਾਲ-ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਗੁਰਪ੍ਰੀਤ ਸਿੰਘ ਝੱਬਰ ਅਤੇ ਸਮੂਹ ਅੰਤ੍ਰਿੰਗ ਕਮੇਟੀ ਮੈਂਬਰਾਨ ਮੋਹਨ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ, ਬੀਬੀ ਪਰਮਜੀਤ ਕੌਰ, ਰਵਿੰਦਰ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਤੇ ਬੀਬੀ ਨਰਿੰਦਰ ਕੌਰ ਨੂੰ ਵੀ ਮੁਬਾਰਕਬਾਦ ਭੇਟ ਕੀਤੀ। ਇਸ ਦੌਰਾਨ ਕਾਲਜ ਦੇ ਸਮੁੱਚੇ ਸਟਾਫ਼ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਆਸ ਪ੍ਰਗਟ ਕੀਤੀ ਕਿ ਸ. ਧਾਮੀ ਦੀ ਗਤੀਸ਼ੀਲ ਰਹਿਨੁਮਾਈ ਹੇਠ ਜਿੱਥੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਪੂਰੀ ਸੁਚੱਜਤਾ ਨਾਲ ਚੱਲਦਾ ਰਹੇਗਾ, ਉੱਥੇ ਹੀ ਸਿੱਖਿਆ ਸੰਸਥਾਵਾਂ ਵੀ ਨਵੀਆਂ ਬੁਲੰਦੀਆਂ ਸਰ ਕਰਨਗੀਆਂ। ਸਮੁੱਚੇ ਕਾਲਜ ਪਰਿਵਾਰ ਵੱਲੋਂ ਨਵੀਂ ਚੁਣੀ ਗਈ ਸਮੁੱਚੀ ਟੀਮ ਨੂੰ ਭਵਿੱਖ ਵਿੱਚ ਹੋਰ ਵੀ ਬਿਹਤਰ ਕਾਰਗੁਜ਼ਾਰੀ ਅਤੇ ਪੰਥਕ ਸੇਵਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।