ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਜਲ ਸਪਲਾਈ ਵਰਕਰਾਂ ’ਚ ਰੋਸ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਜਲ ਸਪਲਾਈ ਵਰਕਰਾਂ ’ਚ ਰੋਸ
Publish Date: Thu, 08 Oct 2026 05:21 PM (IST)
Updated Date: Thu, 08 Oct 2026 05:23 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ ਵਰਕਰਾਂ ਦੀਆਂ ਪਿਛਲੇ ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਤੇ ਫੀਲਡ ’ਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਨਾ ਹੋਣ ਕਾਰਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਰੋਸ ਪ੍ਰਗਟ ਕੀਤਾ ਹੈ। ਯੂਨੀਅਨ ਦੀ ਜ਼ਿਲ੍ਹਾ ਬਠਿੰਡਾ ਇਕਾਈ ਵੱਲੋਂ ਇਸ ਸਬੰਧੀ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ ਇਕ, ਬਠਿੰਡਾ ਨੂੰ ਪੱਤਰ ਭੇਜ ਕੇ 12 ਅਕਤੂਬਰ ਨੂੰ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਵਰਕਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਤਨਖਾਹਾਂ ਰੁਕਣ ਕਾਰਨ ਬੱਚਿਆਂ ਦੀਆਂ ਫੀਸਾਂ, ਘਰੇਲੂ ਰਾਸ਼ਨ ਅਤੇ ਹੋਰ ਜ਼ਰੂਰੀ ਖਰਚੇ ਵੀ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਨਾਲ ਹੀ ਫੀਲਡ ਵਿਚ ਕੰਮ ਕਰਦੇ ਸਮੇਂ ਵਰਕਰਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਨੇ ਦੋਸ਼ ਲਾਇਆ ਕਿ ਸੂਬਾ ਕਮੇਟੀ ਅਤੇ ਜ਼ਿਲ੍ਹਾ ਕਮੇਟੀ ਵੱਲੋਂ ਸਬੰਧਤ ਅਧਿਕਾਰੀਆਂ ਕੋਲ ਵਾਰ-ਵਾਰ ਮਾਮਲਾ ਉਠਾਉਣ ਤੇ ਬੇਨਤੀਆਂ ਕਰਨ ਦੇ ਬਾਵਜੂਦ ਹੁਣ ਤੱਕ ਇਨ੍ਹਾਂ ਸਮੱਸਿਆਵਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਪੱਤਰ ਰਾਹੀਂ ਅਧਿਕਾਰੀਆਂ ਤੋਂ ਮੰਗ ਕੀਤੀ ਗਈ ਹੈ ਕਿ ਵਰਕਰਾਂ ਦੀਆਂ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਫੀਲਡ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ 12 ਅਕਤੂਬਰ ਤੋਂ ਪਹਿਲਾਂ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੂਬਾ ਕਮੇਟੀ ਦੇ ਸਹਿਯੋਗ ਨਾਲ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ ਇੱਕ ਦੇ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ। ਯੂਨੀਅਨ ਵੱਲੋਂ ਕਿਹਾ ਗਿਆ ਹੈ ਕਿ ਮਸਲੇ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਹ ਪੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਬਠਿੰਡਾ ਇਕਾਈ ਵੱਲੋਂ ਜਾਰੀ ਕੀਤਾ ਗਿਆ ਹੈ।