ਨਸ਼ਿਆਂ ਨੂੰ ਠੱਲ੍ਹ ਪਾ ਰੰਗਲਾ ਪੰਜਾਬ ਬਣਾਵਾਂਗੇ: ਰੁਪਿੰਦਰ ਗਿੱਲ ਨਸ਼ਿਆਂ ਨੂੰ ਠੱਲ੍ਹ ਪਾ ਰੰਗਲਾ ਪੰਜਾਬ ਬਣਾਵਾਂਗੇ: ਰੁਪਿੰਦਰ ਗਿੱਲ
Publish Date: Tue, 20 Oct 2026 04:37 PM (IST)
Updated Date: Tue, 20 Oct 2026 04:39 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਪਹਿਲਾਂ ਦੇ ਮੁਕਾਬਲੇ ਕਈ ਖੇਤਰਾਂ ਵਿੱਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਰੁਪਿੰਦਰ ਕੌਰ ਗਿੱਲ ਨੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਕਾਰਵਾਈ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਦੇਣਾ ਵੀ ਬਹੁਤ ਜ਼ਰੂਰੀ ਹੈ। ਇਸੇ ਦਿਸ਼ਾ ਵਿੱਚ ਪਿੰਡਾਂ ਵਿਚ ਖੇਡ ਗਰਾਊਂਡ ਬਣਾਉਣ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਆਪਣੀ ਊਰਜਾ ਉਸਾਰੂ ਕੰਮਾਂ ਵਿਚ ਲਗਾ ਸਕਣ। ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਯਤਨਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿਚ ਹਾਂ-ਪੱਖੀ ਤਬਦੀਲੀ ਲਿਆਉਣ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਰਹੀਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਰਹਿਣ ਨਾਲ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਹੋ ਕੇ ਮੁੜ ਰੰਗਲਾ ਪੰਜਾਬ ਬਣਨ ਵੱਲ ਵੱਡੀ ਪੁਲਾਂਘ ਪੁੱਟੇਗਾ।