- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਹਿੰਦ ਨਹਿਰ ਦੀ ਬਠਿੰਡਾ ਬ੍ਰਾਂਚ ਵਿੱਚੋਂ ਨਿਕਲਦੇ ਰਜਬਾਹੇ ਅਤੇ ਕੱਸੀਆਂ ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਬਰਨਾਲਾ, ਲੁਧਿਆਣਾ ਅਤੇ ਸੰਗਰੂਰ ਦੇ ਖੇਤਰਾਂ ਨੂੰ ਪਾਣੀ ਸਪਲਾਈ ਕਰਦੇ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਪਾਣੀ ਦਾ ਭੰਡਾਰ ਕਰਨ ਲਈ ਕਿਹਾ ਗਿਆ ਸੀ।

ਗੁਰਤੇਜ ਸਿੰਘ ਸਿੱਧੂ, ਸੀਨੀਅਰ ਰਿਪੋਰਟਰ, ਬਠਿੰਡਾ : ਸਰਹਿੰਦ ਨਹਿਰ ਦੀ ਬਠਿੰਡਾ ਬ੍ਰਾਂਚ ਬੰਦ ਹੋਣ ਕਾਰਨ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਕਣਕ ਦੀ ਬਿਜਾਈ ਪ੍ਰਭਾਵਿਤ ਹੋ ਰਹੀ ਹੈ। ਨਹਿਰੀ ਪਾਣੀ ਦੀ ਸਪਲਾਈ ਰੁਕਣ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਧਰਤੀ ਹੇਠਲੇ ਪਾਣੀ ’ਤੇ ਨਿਰਭਰ ਹੋਣਾ ਪੈ ਰਿਹਾ ਹੈ। ਕਈ ਇਲਾਕਿਆਂ ਵਿੱਚ ਪਾਣੀ ਖਾਰਾ ਹੋਣ ਕਾਰਨ ਫ਼ਸਲਾਂ ਦੀ ਸਿੰਚਾਈ ਲਈ ਢੁੱਕਵਾਂ ਨਹੀਂ ਹੈ। ਇਸ ਕਾਰਨ ਮਾਲਵੇ ਵਿੱਚ ਕਣਕ ਦੀ ਕਰੀਬ 30 ਫ਼ੀਸਦੀ ਬਿਜਾਈ ਪਛੜ ਗਈ ਹੈ।
ਸਰਹਿੰਦ ਨਹਿਰ ਦੀ ਬਠਿੰਡਾ ਬ੍ਰਾਂਚ ਵਿੱਚੋਂ ਨਿਕਲਦੇ ਰਜਬਾਹੇ ਅਤੇ ਕੱਸੀਆਂ ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਬਰਨਾਲਾ, ਲੁਧਿਆਣਾ ਅਤੇ ਸੰਗਰੂਰ ਦੇ ਖੇਤਰਾਂ ਨੂੰ ਪਾਣੀ ਸਪਲਾਈ ਕਰਦੇ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਪਾਣੀ ਦਾ ਭੰਡਾਰ ਕਰਨ ਲਈ ਕਿਹਾ ਗਿਆ ਸੀ।
ਬਠਿੰਡਾ ਜ਼ਿਲ੍ਹੇ ਦੇ 2.81 ਲੱਖ ਹੈਕਟੇਅਰ ਖੇਤੀਯੋਗ ਰਕਬੇ ਵਿੱਚੋਂ 2.37 ਲੱਖ ਹੈਕਟੇਅਰ ਨੂੰ ਨਹਿਰੀ ਪਾਣੀ ਨਾਲ ਸਿੰਚਾਈ ਮਿਲਦੀ ਹੈ, ਜਦਕਿ 43,209 ਹੈਕਟੇਅਰ ਰਕਬਾ ਟਿਊਬਵੈੱਲਾਂ ’ਤੇ ਨਿਰਭਰ ਹੈ। ਮੋਗਾ ਵਿੱਚ 1.94 ਲੱਖ ਹੈਕਟੇਅਰ ਵਿੱਚੋਂ 85 ਹਜ਼ਾਰ ਹੈਕਟੇਅਰ, ਸ੍ਰੀ ਮੁਕਤਸਰ ਸਾਹਿਬ ਵਿੱਚ 2.42 ਲੱਖ ਹੈਕਟੇਅਰ ਵਿੱਚੋਂ 90 ਫ਼ੀਸਦੀ ਅਤੇ ਫ਼ਰੀਦਕੋਟ ਵਿੱਚ 1.28 ਲੱਖ ਹੈਕਟੇਅਰ ਵਿੱਚੋਂ 85 ਫ਼ੀਸਦੀ ਰਕਬੇ ਦੀ ਸਿੰਚਾਈ ਨਹਿਰੀ ਪਾਣੀ ਨਾਲ ਹੁੰਦੀ ਹੈ। ਸੰਗਰੂਰ ਵਿੱਚ ਵੀ ਜ਼ਿਆਦਾਤਰ ਖੇਤੀਯੋਗ ਰਕਬਾ ਨਹਿਰੀ ਪਾਣੀ ’ਤੇ ਨਿਰਭਰ ਹੈ।
ਨਹਿਰੀ ਵਿਭਾਗ ਦਾ ਤਰਕ ਹੈ ਕਿ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਦੀ ਮੁਰੰਮਤ ਜ਼ਰੂਰੀ ਹੈ, ਜਿਸ ਕਾਰਨ ਬਠਿੰਡਾ ਬ੍ਰਾਂਚ ਬੰਦ ਕੀਤੀ ਗਈ ਹੈ। ਦੂਜੇ ਪਾਸੇ, ਕਣਕ ਦੀ ਬਿਜਾਈ ਦਾ ਢੁੱਕਵਾਂ ਸਮਾਂ 1 ਤੋਂ 15 ਨਵੰਬਰ ਮੰਨਿਆ ਜਾਂਦਾ ਹੈ ਅਤੇ ਇਸ ਤੋਂ ਬਾਅਦ ਬਿਜਾਈ ਕਰਨ ’ਤੇ ਝਾੜ ਘਟਣ ਦਾ ਖ਼ਦਸ਼ਾ ਰਹਿੰਦਾ ਹੈ। ਖੇਤੀਬਾੜੀ ਅਧਿਕਾਰੀਆਂ ਮੁਤਾਬਕ ਕਈ ਕਿਸਾਨ ਝੋਨੇ ਦੇ ਖੇਤਾਂ ਵਿੱਚ ਬਚੀ ਨਮੀ ਦੇ ਆਧਾਰ ’ਤੇ ਹੀ ਕਣਕ ਬੀਜਦੇ ਹਨ।
ਹੁਣ ਕਿਸਾਨਾਂ ਨੂੰ ਸਭ ਤੋਂ ਵੱਧ ਨਹਿਰੀ ਪਾਣੀ ਦੀ ਲੋੜ : ਰਾਮਾਂ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਇਸ ਸਮੇਂ ਕਣਕ ਦੀ ਬਿਜਾਈ ਦੇ ਨਾਲ ਨਰਮੇ ਅਤੇ ਹੋਰ ਫ਼ਸਲਾਂ ਲਈ ਵੀ ਨਹਿਰੀ ਪਾਣੀ ਦੀ ਲੋੜ ਹੈ। ਉਨ੍ਹਾਂ ਖੇਤੀਬਾੜੀ, ਨਹਿਰੀ ਵਿਭਾਗ ਅਤੇ ਪਾਵਰਕਾਮ ਵਿਚਕਾਰ ਤਾਲਮੇਲ ਦੀ ਘਾਟ ਨੂੰ ਕਿਸਾਨਾਂ ਦੇ ਨੁਕਸਾਨ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਨਹਿਰਾਂ ਦੀ ਸਫ਼ਾਈ ਅਕਤੂਬਰ ਵਿੱਚ ਕਰਵਾਉਣੀ ਚਾਹੀਦੀ ਸੀ, ਕਿਉਂਕਿ ਨਵੰਬਰ ਵਿੱਚ ਕਿਸਾਨਾਂ ਨੂੰ ਪਾਣੀ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਮਹਿੰਗਾ ਡੀਜ਼ਲ ਵਰਤਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ’ਤੇ ਆਰਥਿਕ ਬੋਝ ਵਧ ਰਿਹਾ ਹੈ।