ਔਰਤਾਂ ਅਤੇ ਬੀਕੇਯੂ ਸਿੱਧੂਪੁਰ ਦੇ ਵਰਕਰਾਂ ਵੱਲੋਂ 'ਆਪ' ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਝਾੜੂ ਫੂਕ ਕੇ ਦਿੱਤੀ ਚੇਤਾਵਨੀ ਔਰਤਾਂ ਅਤੇ ਬੀਕੇਯੂ ਸਿੱਧੂਪੁਰ ਦੇ ਵਰਕਰਾਂ ਵੱਲੋਂ 'ਆਪ' ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਝਾੜੂ ਫੂਕ ਕੇ ਦਿੱਤੀ ਚੇਤਾਵਨੀ
Publish Date: Sun, 25 Oct 2026 05:11 PM (IST)
Updated Date: Sun, 25 Oct 2026 05:13 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਮਾਨਸਾ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰਕੇ ਕਤਲ ਕੀਤੇ ਗਏ ਸ਼ਹੀਦ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਅਤੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਵੱਲੋਂ ਦਿੱਤੀ ਗਈ ਰੋਸ ਕਾਲ ਦੇ ਸੱਦੇ ਤੇ ਪਹਿਰਾ ਦਿੰਦਿਆਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਯਾਤਰੀ ਵਿਖੇ ਭਾਰੀ ਇਕੱਠ ਕਰਦਿਆਂ ਪਿੰਡ ਦੀਆਂ ਔਰਤਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਤੇ ਵਰਕਰਾਂ ਨੇ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਿਆ ਅਤੇ ਪੰਜਾਬ ਸਰਕਾਰ ਦੇ ਰਵੱਈਏ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿ਼ਲ੍ਹਾ ਜਰਨਲ ਸਕੱਤਰ ਕਿਸਾਨ ਆਗੂ ਰੇਸ਼ਮ ਸਿੰਘ ਯਾਤਰੀ ਨੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਮੋਰਚੇ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ, ਤਾਂ ਇਨਸਾਫ਼ ਮੋਰਚਾ ਅਤੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਵੱਲੋਂ ਜੋ ਵੀ ਅਗਲਾ ਸੰਘਰਸ਼ੀ ਐਕਸ਼ਨ ਉਲੀਕਿਆ ਜਾਵੇਗਾ, ਉਸ ਦਾ ਪੂਰਨ ਤੌਰ ਤੇ ਡਟ ਕੇ ਸਾਥ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਮੋਰਚੇ ਦੇ ਹਰ ਪ੍ਰੋਗਰਾਮ ਨੂੰ ਪਿੰਡ ਅਤੇ ਨਿਸ਼ਚਿਤ ਰੂਪ ਵਿਚ ਜ਼ਮੀਨੀ ਪੱਧਰ ਤੱਕ ਲਾਗੂ ਕੀਤਾ ਜਾ ਰਿਹਾ ਹੈ ਅਤੇ ਅੱਗੇ ਤੋਂ ਵੀ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਨਸਾਫ਼ ਦੀ ਪ੍ਰਾਪਤੀ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।