ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਔਰਤਾਂ ਨੇ ਕੀਤਾ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਮਹਿਲਾਵਾਂ ਨੇ ਕੀਤਾ ਪ੍ਰਦਰਸ਼ਨ
Publish Date: Mon, 21 Sep 2026 06:07 PM (IST)
Updated Date: Mon, 21 Sep 2026 06:08 PM (IST)
ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ ਨਥਾਣਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਨਥਾਣਾ ਸਥਿਤ ਸਰਕਾਰੀ ਡੇਅਰੀ ਨੇੜੇ ਇਕੱਠੀਆਂ ਹੋਈਆਂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੀਆਂ ਔਰਤਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਉਠਾਇਆ। ਇਸ ਮੌਕੇ ਉਨ੍ਹਾਂ ਪੰਜਾਬ ਦੇ ਰਾਜਪਾਲ ਤੋਂ ਪੰਜਾਬ ਨਾਲ ਸਬੰਧਤ ਚੱਲ ਰਹੇ ਮਾਮਲਿਆਂ ਵਿੱਚ ਦਖ਼ਲ ਦੇ ਕੇ ਢੁੱਕਵੀਂ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਨਿਆਂ, ਸਨਮਾਨ ਅਤੇ ਸੁਰੱਖਿਆ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਮਹਿਲਾਵਾਂ ਆਪਣੇ ਹੱਕਾਂ ਤੇ ਇਨਸਾਫ਼ ਲਈ ਆਵਾਜ਼ ਉਠਾ ਰਹੀਆਂ ਹਨ, ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਹਿਲਾਵਾਂ ਨਾਲ ਸਬੰਧਤ ਗੰਭੀਰ ਮਾਮਲਿਆਂ ਦੀ ਨਿਰਪੱਖ ਅਤੇ ਸਮੇਂ ਸਿਰ ਜਾਂਚ ਕਰਵਾਈ ਜਾਵੇ ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਨੌਜਵਾਨਾਂ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਇਸ ਦਾ ਪ੍ਰਭਾਵ ਪੂਰੇ ਪਰਿਵਾਰ ’ਤੇ ਪੈਂਦਾ ਹੈ। ਨਸ਼ਿਆਂ ਕਾਰਨ ਕਈ ਪਰਿਵਾਰ ਆਰਥਿਕ ਅਤੇ ਸਮਾਜਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਅਤੇ ਪੁਨਰਵਾਸ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ। ਸੰਸਦ ਮੈਂਬਰ ਨੇ ਮਹਿਲਾਵਾਂ ਨਾਲ ਚੋਣਾਂ ਦੌਰਾਨ ਕੀਤੇ ਗਏ ਆਰਥਿਕ ਸਹਾਇਤਾ ਦੇ ਵਾਅਦੇ ਨੂੰ ਪੂਰਾ ਕਰਨ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਮਹਿਲਾਵਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਕਿਸੇ ਦੀ ਖੈਰਾਤ ਨਹੀਂ ਮੰਗ ਰਹੀਆਂ, ਸਗੋਂ ਉਹ ਆਪਣੇ ਹੱਕ, ਨਿਆਂ, ਸਨਮਾਨ ਅਤੇ ਸੁਰੱਖਿਆ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ 1000 ਹਜ਼ਾਰ ਤੇ 1500 ਰੁਪਏ ਦੇ ਕੇ ਬੀਬੀਆਂ ਦੀ ਜਮੀਰ ਖਰੀਦਣ ਦਾ ਯਤਨ ਕੀਤਾ ਹੈ। ਪਰ ਪੰਜਾਬ ਦੀਆਂ ਔਰਤਾਂ ਮਾਈ ਭਾਗੋ ਦੀਆਂ ਵਾਰਸ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਆਪ ਨੂੰ ਮੂੰਹ ਤੋੜ ਜਵਾਬ ਦੇਣਗੀਆਂ। ਇਸ ਉਪਰੰਤ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸਬ-ਤਹਿਸੀਲ ਨਥਾਣਾ ਵਿਖੇ ਨਾਇਬ ਤਹਿਸੀਲਦਾਰ ਅਮ੍ਰਿੰਤਾ ਅਗਰਵਾਲ ਨੂੰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਮਹਿਲਾਵਾਂ ਨਾਲ ਸਬੰਧਤ ਮੁੱਦਿਆਂ ’ਤੇ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ, ਹਲਕਾ ਭੁੱਚੋ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਸਰਕਲ ਪ੍ਰਧਾਨ ਬੀਬਾ ਸਿਮਰਜੀਤ ਕੌਰ, ਸਰਕਲ ਜਥੇਦਾਰ ਗੁਰਤੇਜ ਸਿੰਘ ਭੇਜੀ, ਨੌਜਵਾਨ ਆਗੂ ਗੁਰਪ੍ਰੀਤ ਸਿੰਘ, ਕੁਲਦੀਪ ਰਾਏ ਦੀਪਾ, ਮੈਂਬਰ ਜਨਰਲ ਕੌਂਸਲ ਨਰਦੇਵ ਸਿੰਘ ਪੂਹਲੀ, ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਇਕਬਾਲਜੀਤ ਸਿੰਘ ਪੂਹਲੀ, ਅਮਨਦੀਪ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।