ਗੋਦਾਰਾ ਕਾਲੋਨੀ ’ਚ 11 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਸੜਕ ਦਾ ਕੰਮ ਸ਼ੁਰੂ ਗੋਦਾਰਾ ਕਲੋਨੀ ਵਿਚ 11 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਸੜਕ ਦਾ ਕੰਮ ਸ਼ੁਰੂ
Publish Date: Sat, 03 Oct 2026 05:35 PM (IST)
Updated Date: Sun, 04 Oct 2026 04:05 AM (IST)
35 ਸਾਲਾਂ ਤੋਂ ਸੜਕ ਦੀ ਉਡੀਕ ਕਰ ਰਹੇ ਲੋਕਾਂ ਨੂੰ ਮਿਲੇਗੀ ਰਾਹਤ: ਮੇਅਰ ਪਦਮਜੀਤ ਸਿੰਘ ਮਹਿਤਾ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਨਗਰ ਨਿਗਮ ਬਠਿੰਡਾ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾ ਰਹੀ ਹੈ। ਇਸੇ ਤਹਿਤ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਐਮ.ਸੀ. ਸੁਖਦੇਵ ਸਿੰਘ ਦੇ ਵਾਰਡ ਨੰਬਰ 50 ਅਧੀਨ ਗੋਦਾਰਾ ਕਲੋਨੀ ਵਿੱਚ ਪ੍ਰੀਮਿਕਸ ਸੜਕ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਇਲਾਕੇ ਦੇ ਵਸਨੀਕ ਅਤੇ ਨਗਰ ਨਿਗਮ ਨਾਲ ਸਬੰਧਤ ਨੁਮਾਇੰਦੇ ਹਾਜ਼ਰ ਸਨ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਗੋਦਾਰਾ ਕਾਲੋਨੀ ’ਚ ਕਰੀਬ 35 ਸਾਲਾਂ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਸ਼ੁਰੂ ਹੋਇਆ ਹੈ। ਉਨ੍ਹਾਂ ਅਨੁਸਾਰ ਕਰੀਬ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਵਾਜਾਈ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਹਰੇਕ ਵਾਰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਲੰਮੇ ਸਮੇਂ ਤੋਂ ਲੰਬਿਤ ਕੰਮਾਂ ਨੂੰ ਤਰਜੀਹ ਦੇਣ ਦੇ ਨਾਲ ਸੜਕਾਂ, ਸੀਵਰੇਜ, ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੰਮ ਜਾਰੀ ਹੈ। ਮੇਅਰ ਨੇ ਕਿਹਾ ਕਿ ਕਿਸੇ ਵੀ ਸ਼ਹਿਰ ਦੇ ਵਿਕਾਸ ਵਿੱਚ ਬਿਹਤਰ ਸੜਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਅਨੁਸਾਰ ਸੜਕਾਂ ਦੇ ਸੁਧਾਰ ਨਾਲ ਆਵਾਜਾਈ ਸੁਖਾਲੀ ਹੋਣ ਦੇ ਨਾਲ ਇਲਾਕੇ ਦੀ ਦਿੱਖ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ‘ਆਧੁਨਿਕ ਬਠਿੰਡਾ’ ਦੇ ਵਿਜ਼ਨ ਤਹਿਤ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਿਕਾਸ ਦਾ ਲਾਭ ਹਰੇਕ ਖੇਤਰ ਤੱਕ ਪਹੁੰਚੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਐੱਮਸੀ ਸੁਖਦੇਵ ਸਿੰਘ ਤੋਂ ਇਲਾਵਾ ਗੁਰਜੀਤ ਸਿੰਘ, ਜਸਵਿੰਦਰ ਸਿੰਘ ਜੱਸੂ, ਗਗਨਦੀਪ ਸਿੰਘ, ਇਕਬਾਲ ਸਿੰਘ, ਗੁਰਤੇਜ ਸਿੰਘ, ਜਗਸੀਰ ਸਿੰਘ, ਪਰਮਿੰਦਰ ਸਿੰਘ, ਸ਼ਾਮ ਸਿੰਘ, ਰਾਮ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਜਸਕਰਨ ਸਿੰਘ, ਰਿੰਕੂ, ਸ਼ੰਟੀ, ਰਿੰਕੂ ਗਰੋਵਰ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ।