ਸਿਵਲ ਹਸਪਤਾਲ ਬਠਿੰਡਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਸਿਵਲ ਹਸਪਤਾਲ ਬਠਿੰਡਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
Publish Date: Sat, 10 Oct 2026 04:42 PM (IST)
Updated Date: Sat, 10 Oct 2026 04:44 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਸਿਵਲ ਹਸਪਤਾਲ ਬਠਿੰਡਾ ਦੇ ਮਨੋਰੋਗ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਲੋਕਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ, ਨਸ਼ਿਆਂ ਤੋਂ ਬਚਾਅ, ਸਹੀ ਫ਼ੈਸਲੇ ਲੈਣ ਤੇ ਜੀਵਨ ਵਿਚ ਸਕਾਰਾਤਮਕ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਐੱਸਐੱਮਓ ਡਾ. ਅਰੁਣ ਬਾਂਸਲ ਨੇ ਸ਼ਿਰਕਤ ਕੀਤੀ। ਇਸ ਮੌਕੇ ਮਨੋਰੋਗ ਮਾਹਿਰ ਡਾ. ਸ਼ਰਨਜੀਤ ਕੌਰ ਤੇ ਡਾ. ਤਨੁਪ੍ਰੀਤ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਵਿਭਾਗ ਦੇ ਮਰੀਜ਼ਾਂ, ਕੌਂਸਲਰਾਂ, ਸਿਹਤ ਕਰਮਚਾਰੀਆਂ ਤੇ ਸਮੁੱਚੀ ਟੀਮ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਕੌਂਸਲਰ ਬੀਨੂ ਵੱਲੋਂ ਮਹਿਮਾਨਾਂ ਦੇ ਸਵਾਗਤ ਨਾਲ ਕੀਤੀ ਗਈ। ਇਸ ਉਪਰੰਤ ਬਾਦਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾਮੈਡਿਕਸ ਦੇ ਵਿਦਿਆਰਥੀਆਂ ਨੇ ਮਾਨਸਿਕ ਸਿਹਤ ਤੇ ਨਸ਼ਿਆਂ ਤੋਂ ਬਚਾਅ ਵਿਸ਼ੇ ’ਤੇ ਲਘੂ ਨਾਟਕ ਪੇਸ਼ ਕੀਤਾ। ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੰਸਥਾ ਦੇ ਤਿੰਨ ਲੈਕਚਰਾਰ ਵੀ ਮੌਜੂਦ ਸਨ। ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਡਾ. ਅਰੁਣ ਬਾਂਸਲ ਨੇ ਉਨ੍ਹਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਬਾਅਦ ਮਨੋਰੋਗ ਵਿਭਾਗ ਦੀ ਕੌਂਸਲਿੰਗ ਟੀਮ ਵੱਲੋਂ ਦੋ ਹੋਰ ਲਘੂ ਨਾਟਕ ਪੇਸ਼ ਕੀਤੇ ਗਏ। ਇਨ੍ਹਾਂ ਰਾਹੀਂ ‘ਨਾਂਹ ਕਹਿਣਾ ਸਿੱਖੋ’ ਅਤੇ ਗੁੱਸੇ ’ਤੇ ਕਾਬੂ ਪਾਉਣ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਰਾਜਿੰਦਰਾ ਕਾਲਜ ’ਚ ਵੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਇਸ ਤੋਂ ਪਹਿਲਾਂ ਐਸਐਮਓ ਡਾ. ਅਰੁਣ ਬਾਂਸਲ ਦੀ ਅਗਵਾਈ ਹੇਠ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਵੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ, ਤਣਾਅ ਦੇ ਪ੍ਰਬੰਧਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਸਮਾਜ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਾਨਸਿਕ ਸਮੱਸਿਆਵਾਂ ਬਾਰੇ ਸਕਾਰਾਤਮਕ ਸੋਚ ਵਿਕਸਿਤ ਕਰਨਾ ਸੀ। ਪ੍ਰੋਗਰਾਮ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਜ਼ਰੂਰੀ ਹੈ।