23 ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ: ਜੈ ਸਿੰਘ 23 ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ-ਜੈ ਸਿੰਘ
Publish Date: Sun, 13 Sep 2026 04:06 PM (IST)
Updated Date: Sun, 13 Sep 2026 04:08 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸਮੂਹ ਸਿੱਖਿਅਕ, ਸਾਹਿਤਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਵੱਡੇ ਪੱਧਰ ਤੇ ਮਨਾਏ ਜਾਣ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਡਾਇਰੈਕਟਰ ਜੈ ਸਿੰਘ ਨੇ ਦੱਸਿਆ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸਨ ਵੱਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ ਜੋ ਇਸ ਵਾਰ ਵੀ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ, ਸਮਾਜਿਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਜੈ ਸਿੰਘ ਨੇ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਪੰਜਾਬੀਆਂ ਦੀ ਪਹਿਚਾਣ, ਵਿਰਾਸਤ, ਸੱਭਿਆਚਾਰ ਅਤੇ ਸਾਂਝੀ ਚੇਤਨਾ ਦੀ ਆਵਾਜ਼ ਹੈ। ਸਦੀਆਂ ਤੋਂ ਪੰਜਾਬੀਆਂ ਦੀ ਸਾਹਿਤਕ ਅਤੇ ਸੱਭਿਆਚਾਰਕ ਬੋਲੀ ਰਹੀ ਪੰਜਾਬੀ ਨੂੰ ਵਿਸ਼ਵ ਪੱਧਰ ਤੇ ਇੱਕ ਵਿਸ਼ੇਸ਼ ਦਿਨ ਦੀ ਲੋੜ ਸੀ। ਜੋ ਕਿ ਹੁਣ (23 ਸਤੰਬਰ) ਨਿਸ਼ਚਿਤ ਕਰ ਦਿੱਤੀ ਗਈ ਹੈ, ਤਾਂ ਜੋ ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰ ਸਕਣ। ਉਨ੍ਹਾਂ ਨੇ ਪੰਜਾਬੀ ਭਾਸ਼ਾ ਨਾਲ ਜੁੜੇ ਸਾਹਿਤਕਾਰਾਂ ਅਤੇ ਸਮਾਜ ਸੇਵੀਆਂ ਨੂੰ ਅਪੀਲ ਹੈ ਕਿ 23 ਸਤੰਬਰ ਨੂੰ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਸਬੰਧੀ ਕਵਿਤਾ, ਭਾਸ਼ਣ, ਲੇਖ ਲਿਖਣ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣ। ਇਸ ਨਾਲ ਵਿਦਿਆਰਥੀਆਂ ਵਿੱਚ ਆਪਣੀ ਮਾਂ-ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਕਿਹਾ ਕਿ ਵਿਸ਼ਵ ਪੰਜਾਬੀ ਦਿਵਸ ਨੂੰ ਸਿਰਫ਼ ਇੱਕ ਦਿਨ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ। ਪੰਜਾਬੀ ਨੂੰ ਪੜ੍ਹਨਾ, ਲਿਖਣਾ ਅਤੇ ਬੋਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। 23 ਸਤੰਬਰ ਨੂੰ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਿਖੇ ਹੋਣ ਵਾਲੇ ਮੁੱਖ ਅਤੇ ਇਤਿਹਾਸਕ ਸਮਾਰੋਹ ਵਿੱਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਂਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।