ਜ਼ਹਿਰੀਲੇ ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ
ਜ਼ਹਿਰੀਲੇ ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ
Publish Date: Wed, 30 Sep 2026 04:52 PM (IST)
Updated Date: Wed, 30 Sep 2026 04:54 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ ਕਸਬਾ ਭਾਈ ਰੂਪਾ ਵਿਚ ਇਕ ਗਰੀਬ ਪਰਿਵਾਰ ਨਾਲ ਸਬੰਧਤ ਨੌਜਵਾਨ ਦੀ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਜੱਸਾ ਸਿੰਘ ਅਨੁਸੂਚਿਤ ਜਾਤੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਬਿਨਾਂ ਦੇਰੀ ਕੀਤੇ ਨੌਜਵਾਨ ਨੂੰ ਇਲਾਜ ਲਈ ਬਠਿੰਡਾ ਸਥਿਤ ਏਮਜ਼ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿਚ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ, ਪਰ ਪਰਿਵਾਰ ਅਨੁਸਾਰ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਵੈਂਟੀਲੇਟਰ ਦੀ ਲੋੜ ਸੀ। ਵੈਂਟੀਲੇਟਰ ਦੀ ਉਪਲਬਧਤਾ ਨਾ ਹੋਣ ਕਾਰਨ ਨੌਜਵਾਨ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ। ਫਰੀਦਕੋਟ ਪਹੁੰਚਣ ਤੋਂ ਬਾਅਦ ਨੌਜਵਾਨ ਦੀ ਹਾਲਤ ਹੋਰ ਗੰਭੀਰ ਹੋ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗਰੀਬ ਪਰਿਵਾਰ ਦੇ ਇਕਲੌਤੇ ਕਮਾਉਣ ਵਾਲੇ ਮੈਂਬਰ ਦੀ ਮੌਤ ਕਾਰਨ ਪਰਿਵਾਰ ਨੂੰ ਵੱਡਾ ਸਦਮਾ ਪਹੁੰਚਿਆ ਹੈ। ਘਟਨਾ ’ਤੇ ਅਧਿਕਾਰ ਸੰਘਰਸ਼ ਪਾਰਟੀ ਦੇ ਕੌਮੀ ਜਨਰਲ ਸਕੱਤਰ ਮੱਖਣ ਸਿੰਘ ਭਾਈ ਰੂਪਾ ਅਤੇ ਪਾਰਟੀ ਦੀ ਟੀਮ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।