ਨੌਜਵਾਨਾਂ ਦੀ ਊਰਜਾ ਖੇਡ ਮੈਦਾਨਾਂ ਵਿਚ ਲੱਗੇ: ਚੇਅਰਮੈਨ ਜੀਦਾ ਨੌਜਵਾਨਾਂ ਦੀ ਊਰਜਾ ਖੇਡ ਮੈਦਾਨਾਂ ਵਿਚ ਲੱਗੇ: ਚੇਅਰਮੈਨ ਜੀਦਾ
Publish Date: Sun, 01 Nov 2026 04:14 PM (IST)
Updated Date: Sun, 01 Nov 2026 04:17 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪਿੰਡ ਜੈਦ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਅਤੇ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਸਭ ਤੋਂ ਵਧੀਆ ਮਾਧਿਅਮ ਹਨ। ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਪਿੰਡ ਪੱਧਰ ’ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਮਾਨਸਿਕ ਮਜ਼ਬੂਤੀ, ਅਨੁਸ਼ਾਸਨ, ਆਪਸੀ ਸਾਂਝ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਖੇਡ ਮੈਦਾਨਾਂ ਨਾਲ ਜੁੜਿਆ ਨੌਜਵਾਨ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦਾ ਹੈ। ਨਵਦੀਪ ਜੀਦਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ ਤੋਂ ਵੱਧ ਰੁਚੀ ਦਿਖਾਉਣ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੰਜਾਬ ਦੇ ਹਰ ਪਿੰਡ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨਾ ਹੈ, ਤਾਂ ਜੋ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਅੱਗੇ ਵਧ ਕੇ ਆਪਣੇ ਪਿੰਡ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।