ਮਾਮੂਲੀ ਝਗੜੇ ਮਗਰੋਂ ਕੁੱਟ-ਕੁੱਟ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ, ਤਲਵੰਡੀ ਸਾਬੋ ਪੁਲਿਸ ਵੱਲੋਂ ਜਾਂਚ ਜਾਰੀ
ਪਿੰਡ ਭਾਗੀਬਾਂਦਰ ਵਿਖੇ ਮਾਮੂਲੀ ਝਗੜੇ ਨੂੰ ਲੈ ਕੇ ਇੱਕ ਨੌਜਵਾਨ ਦਾ ਕਤਲ ਹੋਣ ਦੀ ਜਾਣਕਾਰੀ ਸਾਹਣੇ ਆ ਰਹੀ ਹੈ। ਤਲਵੰਡੀ ਸਾਬੋ ਦੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਤਲਵੰਡੀ ਸਾਬੋ ਨੇ ਕਿਹਾ ਜਲਦੀ ਹੀ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Publish Date: Thu, 23 Apr 2026 09:27 AM (IST)
Updated Date: Thu, 23 Apr 2026 09:31 AM (IST)
ਖੁਸ਼ਦੀਪ ਸਿੰਘ ਗਿੱਲ/ ਸਟਾਫ ਰਿਪੋਰਟਰ, ਬਠਿੰਡਾ: ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿੱਚ ਬੀਤੀ ਦੇਰ ਰਾਤ ਇਕ ਮਾਮੂਲੀ ਝਗੜਾ ਖੂਨੀ ਰੂਪ ਧਾਰ ਗਿਆ, ਜਿੱਥੇ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਦਲਿਤ ਭਾਈਚਾਰੇ ਨਾਲ ਸਬੰਧਿਤ ਹਰਜੀਤ ਸਿੰਘ (26), ਪੁੱਤਰ ਬਿੱਲੂ ਸਿੰਘ, ਨੂੰ ਉਸਦੇ ਹੀ ਗੁਆਂਢ ਵਿੱਚ ਰਹਿੰਦੇ ਕੁਝ ਵਿਅਕਤੀਆਂ ਵੱਲੋਂ ਰਾਡਾਂ ਆਦਿ ਨਾਲ ਬੇਰਹਿਮੀ ਨਾਲ ਕੁੱਟਿਆ ਗਿਆ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵਿੱਚ ਗੁੱਸਾ ਅਤੇ ਦੁੱਖ ਦਾ ਮਾਹੌਲ ਪੈਦਾ ਹੋ ਗਿਆ ਹੈ। ਪਰਿਵਾਰ ਵੱਲੋਂ ਮੰਗ ਕੀਤੀ ਗਈ ਹੈ ਕਿ ਕਥਿਤ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਤਲਵੰਡੀ ਸਾਬੋ ਦੇ ਡੀਐਸਪੀ ਜਸਜੋਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।