ਦਾਜ ਦੀ ਮੰਗ ਅਤੇ ਘਰੇਲੂ ਪਰੇਸ਼ਾਨੀ ਤੋਂ ਦੁਖੀ ਹੋ ਕੇ 21 ਸਾਲਾ ਔਰਤ ਨੇ ਕੀਤੀ ਖੁਦਕੁਸ਼ੀ, ਚਾਰ ਖ਼ਿਲਾਫ਼ ਕੇਸ ਦਰਜ
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬਲਦੇਵ ਸਿੰਘ ਨੇ ਦੱਸਿਆ ਹੈ ਕਿ ਲੰਘੀ 20 ਮਈ ਨੂੰ ਮਨੂੰ ਕੌਰ ਨੇ ਆਪਣੇ ਸਹੁਰੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ।
Publish Date: Thu, 21 May 2026 06:19 PM (IST)
Updated Date: Fri, 22 May 2026 11:00 AM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਪਥਰਾਲਾ ਵਿੱਚ ਦਾਜ ਦੀ ਮੰਗ ਅਤੇ ਘਰੇਲੂ ਪਰੇਸ਼ਾਨੀ ਤੋਂ ਦੁਖੀ ਹੋ ਕੇ 21 ਸਾਲਾ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਬਲਦੇਵ ਸਿੰਘ ਵਾਸੀ ਪਿੰਡ ਮਾਨਵਾਲਾ ਨੇ ਦੱਸਿਆ ਹੈ ਕਿ ਉਸ ਦੀ ਭਤੀਜੀ ਮਨੂੰ ਕੌਰ ਦਾ ਵਿਆਹ ਦਵਿੰਦਰ ਸਿੰਘ ਵਾਸੀ ਪਥਰਾਲਾ ਨਾਲ ਹੋਇਆ ਸੀ। ਸ਼ਿਕਾਇਤ ਕਰਤਾ ਅਨੁਸਾਰ ਵਿਆਹ ਤੋਂ ਬਾਅਦ ਉਸ ਦੀ ਭਤੀਜੀ ਕੋਲੋਂ ਹੋਰ ਦਾਜ ਲਿਆਉਣ ਦੀ ਮੰਗ ਕੀਤੀ ਜਾਣ ਲੱਗੀ, ਜਿਸ ਕਾਰਨ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਪਰੇਸ਼ਾਨ ਵੀ ਕੀਤਾ ਜਾਂਦਾ ਸੀ, ਜਿਸ ਕਾਰਨ ਮਾਨਸਿਕ ਪਰੇਸ਼ਾਨੀ ਕਾਰਨ ਉਸ ਦੀ ਭਤੀਜੀ ਨੇ ਆਪਣੇ ਸਹੁਰੇ ਘਰ ਫਾਹਾ ਲਗਾ ਲਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬਲਦੇਵ ਸਿੰਘ ਨੇ ਦੱਸਿਆ ਹੈ ਕਿ ਲੰਘੀ 20 ਮਈ ਨੂੰ ਮਨੂੰ ਕੌਰ ਨੇ ਆਪਣੇ ਸਹੁਰੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਘਟਨਾ ਦਾ ਪਤਾ ਲੱਗਦੇ ਹੀ ਮੰਨੂ ਦਾ ਪੇਕਾ ਪਰਿਵਾਰ ਹੀ ਮੌਕੇ ’ਤੇ ਹੀ ਪਹੁੰਚ ਗਿਆ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਸੁਖਜੰਟ ਸਿੰਘ ਅਨੁਸਾਰ ਇਸ ਮਾਮਲੇ ਵਿੱਚ ਦਵਿੰਦਰ ਸਿੰਘ, ਕੋਰ ਸਿੰਘ, ਛਿੰਦਰ ਕੌਰ ਅਤੇ ਜਸਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਕਥਿਤ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਣੀ ਹਾਲੇ ਬਾਕੀ ਹੈ।