ਨਸ਼ਾ ਤਸਕਰਾਂ ’ਤੇ ਪੁਲਿਸ ਦਾ ਵੱਡਾ ਐਕਸ਼ਨ: ਹੈਰੋਇਨ, ਨਸ਼ੀਲੇ ਕੈਪਸੂਲ ਤੇ ਲੱਖਾਂ ਦੀ ਡਰੱਗ ਮਨੀ ਸਮੇਤ 5 ਕਾਬੂ
ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਹੈਰੋਇਨ, ਨਸ਼ੀਲੇ ਕੈਪਸੂਲ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮਾਮਲਿਆਂ ਵਿੱਚ ਕੁੱਲ 113.05 ਗ੍ਰਾਮ ਹੈਰੋਇਨ, 225 ਨਸ਼ੀਲੇ ਕੈਪਸੂਲ ਅਤੇ 7 ਲੱਖ 15 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
Publish Date: Mon, 11 May 2026 01:21 PM (IST)
Updated Date: Mon, 11 May 2026 01:24 PM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ। ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਹੈਰੋਇਨ, ਨਸ਼ੀਲੇ ਕੈਪਸੂਲ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮਾਮਲਿਆਂ ਵਿੱਚ ਕੁੱਲ 113.05 ਗ੍ਰਾਮ ਹੈਰੋਇਨ, 225 ਨਸ਼ੀਲੇ ਕੈਪਸੂਲ ਅਤੇ 7 ਲੱਖ 15 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜਾਣਕਾਰੀ ਅਨੁਸਾਰ ਥਾਣਾ ਥਰਮਲ ਦੀ ਪੁਲਿਸ ਨੇ ਟਰਾਂਸਪੋਰਟ ਨਗਰ ਇਲਾਕੇ ਵਿੱਚ ਗਸ਼ਤ ਦੌਰਾਨ ਵਿਕਰਮਜੀਤ ਸਿੰਘ ਵਾਸੀ ਆਦਰਸ਼ ਨਗਰ ਬਠਿੰਡਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਅਤੇ 7 ਲੱਖ 15 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਜਿਸ ਅਧਾਰ ’ਤੇ ਪੁਲਿਸ ਨੇ ਕਥਿਤ ਦੋਸ਼ੀ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਹਾਇਕ ਥਾਣੇਦਾਰ ਰਾਜਵੀਰ ਸਿੰਘ ਨੇ ਦੱਸਿਆ ਹੈ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਪਤਾ ਲਗਾਇਆ ਜਾ ਸਕੇ ਹੀਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ।
ਇਸੇ ਤਰ੍ਹਾਂ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਮਹਿਣਾ ਬਸਤੀ ਦੇ ਮੇਨ ਰੋਡ ਤੋਂ ਸੁਖਪਾਲ ਸਿੰਘ ਵਾਸੀ ਮਹਿਣਾ ਬਸਤੀ ਨੂੰ ਕਾਬੂ ਕਰਕੇ ਉਸ ਕੋਲੋਂ 225 ਪਾਬੰਦੀ ਸ਼ੁਦਾ ਕੈਪਸੂਲ ਬਰਾਮਦ ਕੀਤੇ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।
ਇੱਕ ਹੋਰ ਮਾਮਲੇ ਵਿੱਚ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਦਿਆਲਪੁਰਾ ਭਾਈਕਾ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਮਨਪ੍ਰੀਤ ਸਿੰਘ ਵਾਸੀ ਪਿੰਡ ਜਲਾਲ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.05 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਚਾਉਕੇ ਨੇੜੇ ਕਮਲਦੀਪ ਸਿੰਘ ਵਾਸੀ ਖੋਖਰ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਦੂਜੇ ਪਾਸੇ ਥਾਣਾ ਮੌੜ ਦੀ ਪੁਲਿਸ ਨੇ ਪਿੰਡ ਰਾਮਨਗਰ ਵਿੱਚ ਗਸ਼ਤ ਦੌਰਾਨ ਕ੍ਰਿਸ਼ਨਵੀਰ ਵਾਸੀ ਰਾਮਨਗਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਅਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।