ਵੱਡੀ ਗਿਣਤੀ ’ਚ ਪਰਿਵਾਰ ਭਾਜਪਾ ’ਚ ਹੋਏ ਸ਼ਾਮਲ
ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ
Publish Date: Fri, 15 May 2026 05:44 PM (IST)
Updated Date: Sat, 16 May 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ. 1 ਤੋਂ ਸਾਬਕਾ ਕੌਂਸਲਰ ਗੋਪਾਲ ਸਕਸੈਨਾ ਆਪਣੇ ਪਰਿਵਾਰ ਅਤੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸ਼ਮੂਲੀਅਤ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੇਕੇਦਾਰ ਦੀ ਪ੍ਰੇਰਣਾ ਅਤੇ ਯਤਨਾਂ ਸਦਕਾ ਸੰਭਵ ਹੋਈ। ਇਸ ਮੌਕੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਗੋਪਾਲ ਸਕਸੈਨਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾ ਪਾ ਸਨਮਾਨਿਤ ਕੀਤਾ। ਨਕੱਈ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਜਿਹੀ ਪਾਰਟੀ ਹੈ ਜੋ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਗੋਪਾਲ ਸਕਸੈਨਾ ਲੰਬੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਹਨ ਅਤੇ ਵਾਰਡ ਨੰਬਰ. 1 ਵਿੱਚ ਉਨ੍ਹਾਂ ਦੀ ਲੋਕਾਂ ਵਿੱਚ ਚੰਗੀ ਪਕੜ ਹੈ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ। ਇਸ ਮੌਕੇ ਇਹ ਵੀ ਦੱਸਿਆ ਕਿ ਗੋਪਾਲ ਸਕਸੈਨਾ ਦੀ ਧਰਮਪਤਨੀ ਕਿਰਤੀ ਰਾਣੀ ਵਾਰਡ ਨੰਬਰ. 1 ਤੋਂ ਭਾਰਤੀ ਜਨਤਾ ਪਾਰਟੀ ਦੇ ਸੰਭਾਵੀ ਉਮੀਦਵਾਰ ਹਨ। ਇਲਾਕੇ ਦੇ ਲੋਕਾਂ ਵਿੱਚ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਜਗਦੀਪ ਸਿੰਘ ਨਕੱਈ ਨੇ ਵਿਸ਼ਵਾਸ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਉਪਰੰਤ ਮਾਨਸਾ ਸ਼ਹਿਰ ਦੇ ਹਰ ਵਾਰਡ ਦਾ ਇਕਸਾਰ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਮਾਨਸਾ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਿਤ ਸ਼ਹਿਰ ਬਣਾਇਆ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਮਨਦੀਪ ਸਿੰਘ ਮਾਨ ਨਾਲ ਭਾਜਪਾ ਆਗੂ, ਵਰਕਰ ਅਤੇ ਵਾਰਡ ਵਾਸੀ ਹਾਜ਼ਰ ਸਨ।