ਏਡੀਸੀ ਤੇ ਐੱਸਡੀਐੱਮ ਨੇ ਕੀਤਾ ਪਿੰਡਾਂ ਦਾ ਦੌਰਾ
ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ
Publish Date: Sun, 03 May 2026 06:26 PM (IST)
Updated Date: Mon, 04 May 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਦੇ ਪਿੰਡਾਂ ਕੋਟੜਾ ਕਲਾਂ, ਮੱਤੀ, ਸਮਾਓਂ, ਭੀਖੀ ਅਤੇ ਬੁਢਲਾਡਾ ਦੇ ਪਿੰਡਾਂ ਬੋੜਾਵਾਲ, ਬੀਰੋਕੇ ਕਲਾਂ, ਬੀਰੋਕੇ ਖੁਰਦ, ਗੁਰਨੇ ਕਲਾਂ ਆਦਿ ਪਿੰਡਾਂ ਦਾ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਐੱਸਡੀਐੱਮ ਬਲਜੀਤ ਕੌਰ ਵੱਲੋਂ ਨਿਰੀਖਣ ਕੀਤਾ ਗਿਆ ਅਤੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂਹੰਦ (ਨਾੜ) ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਵਿਗਿਆਨਕ ਤਰੀਕੇ ਨਾਲ ਪ੍ਰਬੰਧਨ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਣ ਪਲੀਤ ਹੁੰਦਾ ਹੈ, ਸਗੋਂ ਮਿੱਤਰ ਕੀੜੇ ਮਰਨ ਨਾਲ ਜ਼ਮੀਨ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਦੌਰੇ ਦੌਰਾਨ ਅਧਿਕਾਰੀਆਂ ਨੇ ਦੇਖਿਆ ਕਿ ਕੁਝ ਥਾਵਾਂ ’ਤੇ ਨਾੜ ਨੂੰ ਅੱਗ ਲਗਾਈ ਗਈ ਸੀ, ਜਿਸ ਨੂੰ ਪ੍ਰਸ਼ਾਸਨਿਕ ਟੀਮਾਂ ਨੇ ਮੌਕੇ ’ਤੇ ਹੀ ਮੁਸਤੈਦੀ ਦਿਖਾਉਂਦਿਆਂ ਬੁਝਵਾਇਆ। ਅਧਿਕਾਰੀਆਂ ਨੇ ਖੇਤਾਂ ਵਿੱਚ ਮੌਜੂਦ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ ਤਾਂ ਕਿ ਮਿੱਟੀ ਦੀ ਉਪਜਾਊ ਸ਼ਕਤੀ ਵਧ ਸਕੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਣ ਦਿੱਤਾ ਜਾ ਸਕੇ।