ਸੜਕਾਂ ਦੀ ਨੁਹਾਰ ਬਦਲਣ ਲਈ ਮਾਨਸਾ ਪ੍ਰਸ਼ਾਸਨ ਤਿਆਰ
ਮਾਨਸਾ ਦੇ ਨਿਵਾਸੀਆਂ ਨੂੰ ਦਰਪੇਸ਼ ਟ੍ਰੈਫਿਕ
Publish Date: Sat, 25 Apr 2026 05:35 PM (IST)
Updated Date: Sun, 26 Apr 2026 04:10 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਦੇ ਨਿਵਾਸੀਆਂ ਨੂੰ ਦਰਪੇਸ਼ ਟ੍ਰੈਫਿਕ ਅਤੇ ਸੜਕੀ ਸਮੱਸਿਆਵਾਂ ਦੇ ਸਥਾਈ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐੱਸ ਨੇ ਜਾਣਕਾਰੀ ਦਿੱਤੀ ਕਿ ਸ਼ਹਿਰ ਦੀ ਅਹਿਮ ਸੜਕ, ਛੋਟੀ ਮਾਨਸਾ ਤੋਂ ਕੋਰਟ ਰੋਡ ਤੱਕ, ਨਵੀਂ ਸੀ.ਸੀ. (ਕੰਕਰੀਟ) ਰੋਡ ਬਣਾਉਣ ਦਾ ਕੰਮ ਜਲਦੀ ਹੀ ਆਰੰਭ ਕੀਤਾ ਜਾ ਰਿਹਾ ਹੈ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਨਿਰਮਾਣ ਕਾਰਜ ਨੂੰ ਬਿਨ੍ਹਾਂ ਕਿਸੇ ਰੁਕਾਵਟ ਅਤੇ ਮਿੱਥੇ ਸਮੇਂ ਅੰਦਰ ਪੂਰਾ ਕਰਨ ਲਈ, ਛੋਟੀ ਮਾਨਸਾ ਤੋਂ ਕਚਿਹਰੀ ਰੋਡ ਤੱਕ ਦਾ ਲਾਂਘਾ ਅਗਲੇ ਦੋ ਮਹੀਨਿਆਂ ਲਈ ਮੁਕੰਮਲ ਤੌਰ 'ਤੇ ਬੰਦ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਮਾਣ ਵਾਲੀ ਥਾਂ 'ਤੇ ਇੱਕ ਆਰਜ਼ੀ ਕੰਧ ਵੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਵਾਹਨ ਜਾਂ ਰਾਹਗੀਰ ਕੰਮ ਵਿੱਚ ਵਿਘਨ ਨਾ ਪਾ ਸਕੇ ਤੇ ਸੜਕ ਦੀ ਮਜ਼ਬੂਤੀ ਬਣੀ ਰਹੇ। ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਦੇ ਨਿਰਮਾਣ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਉੱਚ ਪੱਧਰੀ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਘਟੀਆ ਸਮੱਗਰੀ ਦੀ ਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡੀਸੀ ਨਵਜੋਤ ਕੌਰ ਨੇ ਸਮੂਹ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਬਿਹਤਰ ਭਵਿੱਖ ਲਈ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਫੈਸਲੇ ਨਾਲ ਕੁਝ ਸਮੇਂ ਲਈ ਆਉਣ-ਜਾਣ ਵਿੱਚ ਦਿੱਕਤ ਹੋ ਸਕਦੀ ਹੈ, ਪਰ ਸੜਕ ਬਣਨ ਤੋਂ ਬਾਅਦ ਲੋਕਾਂ ਨੂੰ ਟੁੱਟੀਆਂ ਸੜਕਾਂ ਦੀ ਸਮੱਸਿਆ ਤੋਂ ਸਥਾਈ ਨਿਜਾਤ ਮਿਲੇਗੀ। ਉਨ੍ਹਾਂ ਲੋਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।