ਕੌਂਸਲ ਤੇ ਨਗਰ ਪੰਚਾਇਤ ਚੋਣਾਂ ’ਚ ਅਸਲਾ ਲੈ ਕੇ ਚੱਲਣ ਦੀ ਮਨਾਹੀ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ
Publish Date: Wed, 13 May 2026 07:04 PM (IST)
Updated Date: Thu, 14 May 2026 04:10 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ. ਮਾਨਸਾ : ਜ਼ਿਲ੍ਹਾ ਮਾਨਸਾ ਵਿਚ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਦੀ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਨਗਰ ਕੌਂਸਲ ਮਾਨਸਾ, ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਜੋਗਾ ਤੇ ਬੋਹਾ ਦੀ ਹਦੂਦ ਅੰਦਰ ਆਉਂਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਸਕੱਤਰ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਰਾਜ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ - 2026 ਕਰਵਾਈਆਂ ਜਾ ਰਹੀਆਂ ਹਨ। ਇਸ ਤਹਿਤ ਜ਼ਿਲ੍ਹਾ ਮਾਨਸਾ ਵਿਚ ਨਗਰ ਕੌਂਸਲ ਮਾਨਸਾ, ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਜੋਗਾ ਤੇ ਬੋਹਾ ਦੀਆਂ ਚੋਣਾਂ 26 ਮਈ 2026 ਨੂੰ ਹੋਣ ਜਾ ਰਹੀਆਂ ਹਨ। ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐੱਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।