ਜਨਤਕ ਥਾਵਾਂ ’ਤੇ ਨਾਅਰੇਬਾਜ਼ੀ ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈ.ਏ.ਐਸ.
Publish Date: Wed, 29 Apr 2026 07:06 PM (IST)
Updated Date: Thu, 30 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੱਕਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫ਼ੋਟਕ ਸਮੱਗਰੀ ਤੇ ਹੋਰ ਘਾਤਕ ਹਥਿਆਰ/ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮ ’ਚ ਕਿਹਾ ਕਿ ਵੇਖਣ ’ਚ ਆਇਆ ਕਿ ਵੱਖ-ਵੱਖ ਜਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਮੁਜ਼ਾਹਰੇ ਦਾ ਸੱਦਾ ਦਿੱਤਾ ਜਾਂਦਾ ਹੈ, ਤਾਂ ਇਸ ਨਾਲ ਆਵਾਜਾਈ ਵਿਚ ਵਿਘਨ ਪੈਣ ਤੇ ਆਮ ਜਨਜੀਵਨ ਅਸਤ ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਸਬੰਧੀ ਹੁਕਮ ਸੁਰੱਖਿਆ ਅਮਲੇ ਜਾਂ ਡਿਊਟੀ ਤੇ ਤਾਇਨਾਤ ਪੁਲਿਸ ਅਮਲੇ ਤੇ, ਸਰਕਾਰੀ ਫ਼ੰਕਸ਼ਨਾਂ/ਵਿਆਹ ਸ਼ਾਦੀਆਂ, ਧਾਰਮਿਕ/ਮਾਤਮੀ ਸਮਾਗਮਾਂ ਤੇ ਸਕੂਲ/ਕਾਲਜਾਂ ਵਿੱਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।