ਬਠਿੰਡਾ ’ਚ 18 ਸਾਲਾ ਨੌਜਵਾਨ ਦਾ ਕਤਲ ਕਰਕੇ ਡਰੇਨ ’ਚ ਸੁੱਟੀ ਲਾਸ਼, ਦੋ ਗ੍ਰਿਫ਼ਤਾਰ; ਸਬੂਤ ਮਿਟਾਉਣ ਦੀ ਸਾਜ਼ਿਸ਼ ਉਜਾਗਰ
ਜ਼ਿਲ੍ਹੇ ਦੇ ਪਿੰਡ ਕੋਟਫ਼ੱਤਾ ਵਿੱਚ 18 ਸਾਲਾ ਨੌਜਵਾਨ ਦਾ ਕਤਲ ਕਰਕੇ ਲਾਸ਼ ਡਰੇਨ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Publish Date: Sun, 31 May 2026 11:45 AM (IST)
Updated Date: Sun, 31 May 2026 11:48 AM (IST)
ਪੱਤਰ ਪ੍ਰੇਰਕ, ਬਠਿੰਡਾ। ਜ਼ਿਲ੍ਹੇ ਦੇ ਪਿੰਡ ਕੋਟਫ਼ੱਤਾ ਵਿੱਚ 18 ਸਾਲਾ ਨੌਜਵਾਨ ਦਾ ਕਤਲ ਕਰਕੇ ਲਾਸ਼ ਡਰੇਨ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਤੋਂ ਬਾਅਦ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਅਤੇ ਸਬੂਤ ਮਿਟਾਉਣ ਦੀ ਨੀਅਤ ਨਾਲ ਡਰੇਨ ਵਿੱਚ ਸੁੱਟਿਆ ਗਿਆ ਸੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਕੋਟਸ਼ਮੀਰ ਦੇ ਨਿਵਾਸੀ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ 18 ਸਾਲਾ ਪੁੱਤਰ ਅਮਰੀਕ ਸਿੰਘ ਦਾ ਕਤਲ ਕਰ ਦਿੱਤਾ ਗਿਆ।
ਦੋਸ਼ ਹੈ ਕਿ ਪਿੰਡ ਕੋਟਫ਼ੱਤਾ ਦੇ ਰਹਿਣ ਵਾਲੇ ਸੰਦੀਪ ਅਤੇ ਵੀਰਕੰਵਰ ਢਿੱਲੋਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲਾਸ਼ ਨੂੰ ਕੋਟਫ਼ੱਤਾ ਡਰੇਨ ਦੇ ਪੁਲ ਕੋਲ ਸੁੱਟ ਦਿੱਤਾ, ਤਾਂ ਜੋ ਸਬੂਤ ਨਸ਼ਟ ਕੀਤੇ ਜਾ ਸਕਣ।
ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ਤੋਂ ਇਕੱਠੇ ਕੀਤੇ ਗਏ ਸਬੂਤਾਂ ਅਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੇ ਆਧਾਰ 'ਤੇ ਮਾਮਲੇ ਦੇ ਹੋਰ ਪਹਿਲੂਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।