ਭਾਜਪਾ ਦੇ ਦੋਸ਼ ਝੂਠੇ ਸਾਬਤ ਹੋਏ, ਵਿਰੋਧੀ ਪਾਰਟੀਆਂ ਨੇ ਵੀ ਬਣਾਈ ਦੂਰੀ : ਰਿੱਪੂ
ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 2 ਤੋਂ ਉਮੀਦਵਾਰ ਹਰਵੀਰ ਸਿੰਘ ਰਿੱਪੂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ ਸਾਬਤ ਹੋ ਚੁੱਕੇ ਹਨ।
Publish Date: Thu, 28 May 2026 06:13 PM (IST)
Updated Date: Thu, 28 May 2026 06:13 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 2 ਤੋਂ ਉਮੀਦਵਾਰ ਹਰਵੀਰ ਸਿੰਘ ਰਿੱਪੂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ ਸਾਬਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰੂਪ ਚੰਦ ਸਿੰਗਲਾ ਖ਼ਿਲਾਫ਼ ਦਰਜ ਮਾਮਲੇ ਦੇ ਵਿਰੋਧ ਵਿੱਚ ਮਿੰਨੀ ਸਕੱਤਰੇਤ ਦੇ ਬਾਹਰ ਭਾਜਪਾ ਵੱਲੋਂ ਲਾਏ ਗਏ ਰੋਸ ਧਰਨੇ ਵਿੱਚ ਕਿਸੇ ਵੀ ਵਿਰੋਧੀ ਪਾਰਟੀ ਦੇ ਵੱਡੇ ਆਗੂ ਨੇ ਸ਼ਮੂਲੀਅਤ ਨਹੀਂ ਕੀਤੀ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਅਤੇ ਉਸ ਦੇ ਵਰਕਰਾਂ ਖ਼ਿਲਾਫ਼ ਲਾਏ ਗਏ ਦੋਸ਼ ਬੇਬੁਨਿਆਦ ਹਨ। ਰਿੱਪੂ ਨੇ ਕਿਹਾ ਕਿ ਵੀਰਵਾਰ ਨੂੰ ਹੋਏ ਇਸ ਧਰਨੇ ਵਿੱਚ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਪ੍ਰਮੁੱਖ ਆਗੂ ਪਹੁੰਚਿਆ ਅਤੇ ਨਾ ਹੀ ਕਾਂਗਰਸ ਪਾਰਟੀ ਦਾ ਕੋਈ ਪ੍ਰਤੀਨਿਧੀ ਸ਼ਾਮਲ ਹੋਇਆ। ਇਸ ਨਾਲ ਸਾਫ਼ ਸੰਦੇਸ਼ ਗਿਆ ਹੈ ਕਿ ਹੋਰ ਸਿਆਸੀ ਪਾਰਟੀਆਂ ਵੀ ਭਾਜਪਾ ਦੇ ਝੂਠੇ ਦਾਅਵਿਆਂ ਤੋਂ ਜਾਣੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਵਿੱਚ ਭਾਈਚਾਰੇ, ਸ਼ਾਂਤੀ ਅਤੇ ਸਾਂਝ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ। ਪਾਰਟੀ ਦੀ ਰਾਜਨੀਤੀ ਲੋਕਾਂ ਨੂੰ ਜੋੜਨ ਦੀ ਰਹੀ ਹੈ, ਜਦਕਿ ਭਾਜਪਾ ਝੂਠੇ ਦੋਸ਼ ਲਗਾ ਕੇ ਸਿਆਸੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਭਾਜਪਾ ਦੀ ਸੱਚਾਈ ਹੁਣ ਜਨਤਾ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਿਆਸੀ ਲਾਭ ਲਈ ਝੂਠੇ ਮੁੱਦੇ ਖੜ੍ਹੇ ਕਰ ਰਹੀ ਹੈ, ਪਰ ਲੋਕ ਹੁਣ ਅਜਿਹੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।