ਭਾਜਪਾ ਵਰਕਰਾਂ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਭਾਜਪਾ ਆਗੂ
ਮਾਨਸਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੁੱਖ
Publish Date: Thu, 21 May 2026 07:20 PM (IST)
Updated Date: Thu, 21 May 2026 07:22 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਭਾਜਪਾ ਵਰਕਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਕੁਮਾਰ (ਬੱਬੀ ਦਾਨੇਵਾਲੀਆ) ਵੱਲੋਂ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਮਾਨਸਾ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਭਾਜਪਾ ਦੇ ਵਰਕਰਾਂ ਅਤੇ ਉਮੀਦਵਾਰਾਂ ’ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਲੋਕਤੰਤਰ ਲਈ ਖਤਰਨਾਕ ਸੰਕੇਤ ਹਨ। ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਤੰਤਰ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਹਮੇਸ਼ਾ ਡੱਟ ਕੇ ਖੜ੍ਹੀ ਰਹੀ ਹੈ ਅਤੇ ਜੇਕਰ ਕਿਸੇ ਵੀ ਭਾਜਪਾ ਵਰਕਰ ਜਾਂ ਉਮੀਦਵਾਰ ਨਾਲ ਪ੍ਰਸ਼ਾਸਨ ਵੱਲੋਂ ਨਾਜਾਇਜ਼ ਧੱਕੇਸ਼ਾਹੀ ਕੀਤੀ ਗਈ ਤਾਂ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਸਾ ਦੇ ਕਈ ਇਲਾਕਿਆਂ ਵਿੱਚ ਭਾਜਪਾ ਦੇ ਸਰਗਰਮ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਚੋਣ ਪ੍ਰਚਾਰ ਤੋਂ ਦੂਰ ਰਹਿਣ ਲਈ ਮਜਬੂਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।
ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਆਪਣੀ ਸੰਭਾਵਿਤ ਹਾਰ ਨੂੰ ਦੇਖਦੇ ਹੋਏ ਪ੍ਰਸ਼ਾਸਨਿਕ ਤੰਤਰ ਦਾ ਦੁਰਪਯੋਗ ਕਰ ਰਹੀ ਹੈ ਅਤੇ ਲੋਕਤੰਤਰਿਕ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਮਾਨਸਾ ਦੇ ਲੋਕ ਇਸ ਵਾਰ ਨਗਰ ਕੌਂਸਲ ਚੋਣਾਂ ਵਿੱਚ ਬਦਲਾਅ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਾ ਨਿਭਾਈ ਤਾਂ ਭਾਜਪਾ ਵੱਲੋਂ ਵੱਡਾ ਲੋਕ ਸੰਘਰਸ਼ ਕੀਤਾ ਜਾਵੇਗਾ ਅਤੇ ਮਾਨਸਾ ਸ਼ਹਿਰ ਵਿੱਚ ਧਰਨਾ-ਪ੍ਰਦਰਸ਼ਨ ਵੀ ਕੀਤਾ ਜਾ ਸਕਦਾ ਹੈ। ਭਾਜਪਾ ਆਗੂਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਨਸਾ ਵਿੱਚ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਇਆ ਜਾਵੇ ਤਾਂ ਜੋ ਲੋਕਤੰਤਰ ਦੀ ਮਰਿਆਦਾ ਕਾਇਮ ਰਹੇ ਅਤੇ ਹਰ ਉਮੀਦਵਾਰ ਨੂੰ ਬਰਾਬਰ ਦਾ ਮੌਕਾ ਮਿਲ ਸਕੇ।