ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
Publish Date: Wed, 24 Dec 2025 06:23 PM (IST)
Updated Date: Thu, 25 Dec 2025 04:04 AM (IST)
80 ਸ਼ਰਧਾਲੂਆਂ ਦਾ ਜੱਥਾ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਭੇਜਿਆ ਸ੍ਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮਾਨਸਾ ਤੇ ਹਲਕਾ ਸਰਦੂਲਗੜ੍ਹ ਤੋਂ ਬੱਸਾਂ ਰਵਾਨਾ ਕੀਤੀਆਂ ਗਈਆਂ। ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਅਕਲੀਆ ਤੋਂ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਯਾਤਰਾ ਲਈ 40 ਸ਼ਰਧਾਲੂਆਂ ਦੇ ਜਥੇ ਨਾਲ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਖੋਖਰ ਕਲਾਂ ਤੋਂ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਯਾਤਰਾ ਲਈ 40 ਸ਼ਰਧਾਲੂਆਂ ਦੇ ਜੱਥੇ ਵਾਲੀ ਬੱਸ ਰਵਾਨਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।