ਕਾਂਗਰਸ ਤੇ ਭਾਜਪਾ ਨੇ ਐੱਸਡੀਐੱਮ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
ਜ਼ਿਲ੍ਹਾ ਪ੍ਰੀਸ਼ਦ ਦੇ ਜੋਨ ਕਾਂਗਰਸ
Publish Date: Thu, 04 Dec 2025 07:12 PM (IST)
Updated Date: Fri, 05 Dec 2025 04:12 AM (IST)
=ਭਾਜਪਾ ਦਾ ਇਕ ਤੇ ਕਾਂਗਰਸ ਦੇ ਤਿੰਨ ਉਮੀਦਵਾਰ ਨਾਮਜ਼ਦਗੀ ਭਰਨ ਤੋਂ ਰਹੇ ਵਾਂਝੇ
ਜੀਵਨ ਸਿੰਘ ਕ੍ਰਾਂਤੀ, ਪੰਜਾਬੀ ਜਾਗਰਣ, ਮਾਨਸਾ
ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਕਾਂਗਰਸ ਦੇ ਉਮੀਦਵਾਰ ਅਤੇ ਇੱਕ ਬੀਜੇਪੀ ਦੇ ਉਮੀਦਵਾਰ ਦੀ ਨਾਮਜ਼ਦਗੀ ਪੱਤਰ ਨਾ ਲਏ ਜਾਣ ਦੇ ਵਿਰੋਧ ਵਿੱਚ ਕਾਂਗਰਸ ਅਤੇ ਬੀਜੇਪੀ ਵੱਲੋਂ ਐਸਡੀਐਮ ਦਫ਼ਤਰ ਮਾਨਸਾ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਤੇ ਪੰਜਾਬ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ।
ਇੱਥੇ ਦੱਸਣਯੋਗ ਹੈ ਕਿ ਮਾਨਸਾ ਵਿਖੇ ਜ਼ਿਲ੍ਹਾ ਪਰਿਸ਼ਦ ਲਈ ਕਾਂਗਰਸ ਦੇ ਬੱਛੂਆਣਾ, ਬੋੜਾਵਾਲ ਤੇ ਕੁੱਲਰੀਆਂ ਤੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਮ੍ਹਾਂ ਨਾ ਕਰਵਾਏ ਜਾਣ ਦੇ ਵਿਰੋਧ ਵਿੱਚ ਕਾਂਗਰਸ ਅਤੇ ਭਾਜਪਾ ਵੱਲੋਂ ਐੱਸਡੀਐੱਮ ਦਫ਼ਤਰ ਦੇ ਬਾਹਰ ਧਰਨਾ ਮੁਜ਼ਾਹਰਾ ਕੀਤਾ। ਦਲੇਲ ਸਿੰਘ ਵਾਲਾ ਜ਼ੋਨ ਤੋਂ ਭਾਜਪਾ ਦੇ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਵੀ ਦਾਖ਼ਲ ਨਹੀਂ ਕਰਵਾਏ ਗਏ। ਐੱਸਡੀਐੱਮ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਬੁਢਲਾਡਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰਣਵੀਰ ਕੌਰ ਮੀਆਂ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਵਿੱਚ ਉਨ੍ਹਾਂ ਦੇ ਤਿੰਨ ਉਮੀਦਵਾਰ ਕੁੱਲਰੀਆਂ ਜ਼ੋਨ, ਬੱਛੂਆਣਾ ਜ਼ੋਨ ਅਤੇ ਬੋੜਾਵਾਲ ਜ਼ੋਨ ਤੋਂ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਪਹੁੰਚੇ ਸੀ, ਪਰ ਉਨ੍ਹਾਂ ਨੂੰ ਦਫ਼ਤਰ ’ਚ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਗਿਆ ਅਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਉਧਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਨੇ ਵੀ ਕਿਹਾ ਕਿ ਉਨ੍ਹਾਂ ਦੇ ਉਮੀਦਵਾਰ ਵੱਲੋਂ ਦਲੇਲ ਸਿੰਘ ਵਾਲਾ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨੀ ਸੀ, ਪਰ ਸਮੇਂ ਤੋਂ ਪਹਿਲਾਂ ਹੀ ਐਸਡੀਐਮ ਦਫ਼ਤਰ ਵਿੱਚੋਂ ਚਲੇ ਗਏ ਅਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਜਮ੍ਹਾਂ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਐੱਸਡੀਐੱਮ ਮਾਨਸਾ ਕਾਲਾ ਰਾਮ ਕਾਂਸਲ ਨੇ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਅਜਿਹਾ ਕੁੱਝ ਨਹੀਂ ਹੈ। ਸਮੇਂ ਦੇ ਹਿਸਾਬ ਨਾਲ 3 ਵਜੇ ਤੱਕ ਅੰਦਰ ਸਨ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ ਤੇ ਕਿਸੇ ਨਾਲ ਕੋਈ ਧੱਕੇਸ਼ਾਹੀ ਨਹੀਂ ਕੀਤੀ ਗਈ।