ਬਾਲ ਵਿਆਹ ਬਾਰੇ 1098 'ਤੇ ਦਿਓ ਸੂਚਨਾ
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ
Publish Date: Wed, 21 Jan 2026 08:31 PM (IST)
Updated Date: Thu, 22 Jan 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵੱਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦੁਆਰਾ ਬਾਹਮਣ ਬੁੱਗਾ ਸਾਹਿਬ ਤੇ ਆਸ਼ਾ ਹੋਟਲ ਵਿਚ ਜਾਗਰੂਕਤਾ ਕੈਂਪ ਲਗਾਇਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਿਕ, ਮਾਨਸਿਕ ਤੇ ਵਿੱਦਿਅਕ ਵਿਕਾਸ ’ਚ ਵੱਡੀ ਰੁਕਾਵਟ ਬਣਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਭੂਸ਼ਨ ਸਿੰਗਲਾ ਨੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਸਾਲ ਤੇ ਕੁੜੀ ਦੀ ਉਮਰ 18 ਸਾਲ ਤੋਂ ਘੱਟ ਹੋਣ ‘ਤੇ ਵਿਆਹ ਕਰਵਾਉਣਾ ਸਜ਼ਾਯੋਗ ਜੁਰਮ ਹੈ। ਇਸ ਮੌਕੇ ਵਿਦਿਆਰਥੀਆਂ, ਮਾਪਿਆਂ ਤੇ ਸਮਾਜਿਕ ਸੰਸਥਾਵਾਂ ਨੂੰ ਬੱਚਿਆਂ ਦੇ ਹੱਕਾਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਵਿਆਹ ਵਰਗੀ ਕੁਰੀਤੀ ਨੂੰ ਖਤਮ ਕਰਨ ਲਈ ਸਮਾਜ ਇਕਜੁੱਟ ਹੋਵੇ। ਉਨ੍ਹਾਂ ਕਿਹਾ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਬੱਚਿਆਂ ਦੀ ਸੁਰੱਖਿਆ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਇਸ ਮੌਕੇ ਬਾਲ ਸੁਰੱਖਿਆ ਦਫ਼ਤਰ ਮਾਨਸਾ ਤੋਂ ਹਰਦੀਪ ਕੁਮਾਰ, ਬੇਅੰਤ ਕੌਰ ਤੇ ਸ਼ੈਲੀ ਹਾਜ਼ਰ ਸਨ।