ਪੈਟਰੋਲ, ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਕਰੇਗੀ ਖੱਚਰ, ਰੇਹੜਾ ਪ੍ਰਦਰਸ਼ਨ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ,
Publish Date: Thu, 28 May 2026 07:15 PM (IST)
Updated Date: Thu, 28 May 2026 07:16 PM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ, ਘਰੇਲੂ ਗੈਸ ਅਤੇ ਸੀਐੱਨਜੀ ਮੋਬਾਈਲ ਰਿਚਾਰਜ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਨ ਆਮ ਲੋਕਾਂ ਉਪਰ ਵੱਡਾ ਆਰਥਿਕ ਬੋਝ ਪੈ ਗਿਆ ਹੈ। ਮਹਿੰਗਾਈ ਦੀ ਇਸ ਮਾਰ ਨਾਲ ਦੇਸ਼ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ। ਆਮ ਘਰੇਲੂ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਹਿਲ ਗਿਆ ਹੈ ਅਤੇ ਲੋਕਾਂ ਨੂੰ ਆਪਣੇ ਘਰ ਦਾ ਖਰਚ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ 30 ਮਈ ਨੂੰ ਮਾਨਸਾ ਵਿਖੇ ਵਿਲੱਖਣ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਾਂਗਰਸੀ ਆਗੂ ਖੱਚਰ ਰੇਹੜੇ ਉੱਪਰ ਬੈਠ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੇ ਦੇਸ਼ ਦੀ ਆਰਥਿਕਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਣ ਕਾਰਨ ਟਰਾਂਸਪੋਰਟ ਦਾ ਖਰਚ ਵੱਧ ਗਿਆ ਹੈ, ਜਿਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਵਰਤੋਂ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਉਪਰ ਪਿਆ ਹੈ। ਸਬਜ਼ੀਆਂ, ਰਾਸ਼ਨ, ਦੁੱਧ, ਦਵਾਈਆਂ ਅਤੇ ਹੋਰ ਜਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਆਮ ਆਦਮੀ ਦਾ ਜੀਵਨ ਬੇਹੱਦ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਘਰੇਲੂ ਮਹਿਲਾਵਾਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੀਆਂ ਹਨ। ਇੱਕ ਸਮਾਂ ਸੀ ਜਦੋਂ ਭਾਜਪਾ ਆਗੂ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਖਿਲਾਫ ਸੜਕਾਂ ਉਪਰ ਪ੍ਰਦਰਸ਼ਨ ਕਰਦੇ ਸਨ, ਪਰ ਅੱਜ ਉਹੀ ਲੋਕ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਮਹਿੰਗਾਈ ਦਾ ਬੋਝ ਲੋਕਾਂ ਉਪਰ ਪਾ ਦਿੱਤਾ ਹੈ। ਕਾਂਗਰਸ ਪਾਰਟੀ ਇਸ ਮਸਲੇ ਨੂੰ ਲੈ ਕੇ ਲੋਕਾਂ ਦੀ ਆਵਾਜ਼ ਬਣੇਗੀ ਅਤੇ ਹਰ ਪੱਧਰ ਉਪਰ ਸੰਘਰਸ਼ ਕਰੇਗੀ। ਕੁਲਵੰਤ ਰਾਏ ਸਿੰਗਲਾ ਨੇ ਦੱਸਿਆ ਕਿ 30 ਮਈ ਨੂੰ ਹੋਣ ਵਾਲੇ ਇਸ ਪ੍ਰਦਰਸ਼ਨ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਲੋਕ ਵੀ ਸ਼ਾਮਲ ਹੋਣਗੇ। ਖੱਚਰ ਰੇਹੜੇ ਉਪਰ ਬੈਠ ਕੇ ਕੀਤਾ ਜਾਣ ਵਾਲਾ ਇਹ ਪ੍ਰਦਰਸ਼ਨ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਇੱਕ ਪ੍ਰਤੀਕਾਤਮਕ ਰੋਸ ਹੋਵੇਗਾ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਲੋਕਾਂ ਨੂੰ ਹੁਣ ਆਪਣੇ ਵਾਹਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਪਵਾਉਣਾ ਵੀ ਮੁਸ਼ਕਿਲ ਹੋ ਗਿਆ ਹੈ। ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਕਰੀਪੇਸ਼ਾ ਵਰਗ ਹਰ ਕੋਈ ਇਸ ਮਹਿੰਗਾਈ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਕਿਸਾਨਾਂ ਦੀ ਖੇਤੀ ਦੀ ਲਾਗਤ ਵਿੱਚ ਵੀ ਵਾਧਾ ਹੋਇਆ ਹੈ। ਟਰੈਕਟਰ, ਮਸ਼ੀਨਰੀ ਅਤੇ ਸਿੰਚਾਈ ਲਈ ਡੀਜ਼ਲ ਦੀ ਵਰਤੋਂ ਵੱਧ ਹੋਣ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸੇ ਤਰ੍ਹਾਂ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਲੋਕਾਂ ਲਈ ਵੀ ਆਪਣਾ ਕੰਮ ਚਲਾਉਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਹਰ ਘਰ ਦੀ ਰਸੋਈ ਉਪਰ ਅਸਰ ਪਾਇਆ ਹੈ ਅਤੇ ਲੋਕਾਂ ਦੀ ਬਚਤ ਖਤਮ ਹੋ ਰਹੀ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਸਿਰਫ਼ ਵੱਡੇ ਉਦਯੋਗਪਤੀਆਂ ਦੇ ਹਿੱਤਾਂ ਦੀ ਰੱਖਿਆ ਕਰ ਰਹੀ ਹੈ, ਜਦਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜਦੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 30 ਮਈ ਨੂੰ ਹੋਣ ਵਾਲੇ ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਤਾਂ ਜੋ ਕੇਂਦਰ ਸਰਕਾਰ ਤੱਕ ਲੋਕਾਂ ਦੀ ਆਵਾਜ਼ ਪਹੁੰਚ ਸਕੇ। ਇਸ ਮੌਕੇ ਕਾਂਗਰਸ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕਮੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਪੱਧਰ ਉਪਰ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ਅਤੇ ਹੁਣ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ।