ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫਤਾਰ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫਤਾਰ
Publish Date: Wed, 24 Dec 2025 05:04 PM (IST)
Updated Date: Thu, 25 Dec 2025 04:02 AM (IST)

23.97 ਗ੍ਰਾਮ ਹੈਰੋਇਨ, 60 ਕੈਪਸੂਲ, 45 ਨਸ਼ੀਲੀਆਂ ਗੋਲੀਆਂ ਬਰਾਮਦ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 13 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 23.97 ਗ੍ਰਾਮ ਹੈਰੋਇਨ, 45 ਨਸ਼ੀਲੀਆਂ ਗੋਲੀਆਂ ਤੇ 60 ਪਾਬੰਦੀਸ਼ੁੰਦਾ ਕੈਪਸੂਲ ਬਰਾਮਦ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਥਰਮਲ ਦੀ ਪੁਲਿਸ ਨੇ ਸਰਹਿੰਦ ਨਹਿਰ ਝੀਲ ਨੰਬਰ ਇਕ ਕੋਲ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.43 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਰੁਪਿੰਦਰ ਸਿੰਘ ਵਾਸੀ ਪਿੰਡ ਰਾਮਪੁਰਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਨਗਰ ਸੁਧਾਰ ਟਰੱਸਟ ਦੀ ਮਾਰਕੀਟ ਦੇ ਪਿੱਛੇ ਤੋਂ ਗੁਰਦੀਪ ਸਿੰਘ ਵਾਸੀ ਪਰਸਰਾਮ ਨਗਰ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਕ ਹੋਰ ਮਾਮਲੇ ’ਚ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਗੋਨਿਆਣਾ ਮੰਡੀ ਵਿੱਚ ਛਾਪੇਮਾਰੀ ਕਰਦਿਆਂ ਮਨੀ ਰਾਮ ਨੂੰ 2.20 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਫੂਲ ਦੀ ਪੁਲਿਸ ਨੇ ਸਬ ਇੰਸਪੈਕਟਰ ਚੇਤ ਸਿੰਘ ਦੀ ਅਗਵਾਈ ਹੇਠ ਪਿੰਡ ਭਾਈ ਰੂਪਾ ਵਿੱਚ ਛਾਪੇਮਾਰੀ ਕਰਦਿਆਂ ਜੈਂਕੀ ਕੁਮਾਰ ਵਾਸੀ ਭਾਈ ਰੂਪਾ ਨੂੰ 2.44 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਪਿੱਥੋ ਵਿਖੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 60 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਲਹਿਰਾ ਧੂਰਕੋਟ ਵਜੋਂ ਹੋਈ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਗੰਗਦੀਪ ਸਿੰਘ ਵਾਸੀ ਘੁੰਮਣ ਕਲਾਂ ਅਤੇ ਜਗਦੀਸ਼ ਸਿੰਘ ਵਾਸੀ ਰਾਮ ਨਗਰ ਨੂੰ 45 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਕੇ ਪਰਚਾ ਦਰਜ ਕੀਤਾ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਅਜੇਦੀਪ ਸਿੰਘ ਵਾਸੀ ਸ਼ੇਰਗੜ੍ਹ ਤੇ ਰਾਹੁਲ ਸਿੰਘ ਵਾਸੀ ਸੰਗਤ ਮੰਡੀ ਨੂੰ 7.01 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਇਸੇ ਥਾਣੇ ਦੀ ਪੁਲਿਸ ਨੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਅਜੇਵੀਰ ਸਿੰਘ ਵਾਸੀ ਪਿੰਡ ਮੱਲਵਾਲਾ ਤੇ ਹਰਮਨਦੀਪ ਸਿੰਘ ਵਾਸੀ ਪਿੰਡ ਪੱਕਾ ਕਲਾਂ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ। ਇਸ ਤਰ੍ਹਾਂ ਹੀ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਦੋ ਵਿਅਕਤੀਆਂ ਸੁਰਿੰਦਰ ਸਿੰਘ ਅਤੇ ਸੰਨੀ ਸਿੰਘ ਵਾਸੀਆਨ ਪਿੰਡ ਝੁੰਬਾ ਦਾ ਸਿਵਲ ਹਸਪਤਾਲ ਵਿੱਚੋਂ ਡੋਪ ਟੈਸਟ ਕਰਵਾਇਆ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਨਸ਼ਾ ਛਡਾਊ ਕੇਂਦਰ ’ਚ ਦਾਖਲ ਕਰਵਾਇਆ ਗਿਆ ਹੈ।