ਡੀਸੀ ਤੇ ਐੱਸਐੱਸਪੀ ਵੱਲੋਂ ਅਧਿਕਾਰੀਆਂ ਸਮੇਤ ਖੇਤਾਂ ਦਾ ਦੌਰਾ
ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ
Publish Date: Fri, 01 May 2026 06:28 PM (IST)
Updated Date: Sat, 02 May 2026 04:11 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਅੱਜ ਸ਼ਾਮ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਵੱਲੋਂ ਖੇਤਾਂ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ 'ਤੇ ਹੀ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਹੁਣ ਲਗਾਤਾਰ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀ ਖੇਤਾਂ ਵਿੱਚ ਅਚਨਚੇਤ ਨਿਰੀਖਣ ਕਰਨਗੇ ਅਤੇ ਜੇਕਰ ਕੋਈ ਵੀ ਵਿਅਕਤੀ ਨਾੜ ਸਾੜਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਨਿਰੀਖਣ ਦੌਰਾਨ ਪਿੰਡ ਖਿਆਲਾ ਕਲਾਂ ਵਿੱਚ ਇੱਕ ਵਿਅਕਤੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਂਦੇ ਹੋਏ ਪਾਇਆ ਗਿਆ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਡੀਸੀ ਨਵਜੋਤ ਕੌਰ ਨੇ ਚਿਤਾਵਨੀ ਦਿੱਤੀ ਕਿ ਨਾੜ ਸਾੜ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਨਿਯਮ ਤੋੜਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਅਜਿਹੇ ਕਿਸਾਨਾਂ ਦੇ ਮਾਲ ਰਿਕਾਰਡ (ਜਮ੍ਹਾਬੰਦੀ) ਵਿੱਚ ਲਾਲ ਇੰਦਰਾਜ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਭਵਿੱਖ ਵਿੱਚ ਕਿਸੇ ਵੀ ਕਿਸਮ ਦੀ ਸਰਕਾਰੀ ਸਬਸਿਡੀ ਦਾ ਲਾਭ ਨਹੀਂ ਮਿਲੇਗਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਤੋਂ ਪਹਿਲਾਂ ਅੱਜ ਦਿਨ ਸਮੇਂ ਐੱਸਡੀਐੱਮ ਮਾਨਸਾ ਬਲਜੀਤ ਕੌਰ ਵੱਲੋਂ ਵੀ ਫੀਲਡ ਵਿੱਚ ਸਰਗਰਮੀ ਦਿਖਾਈ ਗਈ। ਉਨ੍ਹਾਂ ਨੇ ਪਿੰਡ ਫਫੜੇ ਭਾਈ ਕੇ ਅਤੇ ਬੱਪੀਆਣਾ ਵਿੱਚ ਨਾੜ ਨੂੰ ਲੱਗੀ ਅੱਗ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਰਾਹੀਂ ਅੱਗ ਨੂੰ ਬੁਝਵਾਇਆ। ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਵਾਹੁਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਨਸਾ ਦੇ ਮਾਲ ਵਿਭਾਗ ਦੇ ਸਾਰੇ ਸਟਾਫ, ਕਲਸਟਰ ਅਫਸਰਾਂ, ਨੋਡਲ ਅਫਸਰਾਂ, ਪਟਵਾਰੀਆਂ, ਨੰਬਰਦਾਰਾਂ, ਸਰਪੰਚਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਬਾਰੇ ਹਰੇਕ ਕਿਸਾਨ ਨੂੰ ਜ਼ਮੀਨੀ ਪੱਧਰ ਉਤੇ ਜਾਣੂ ਕਰਵਾਉਣ ।