ਕਾਨੂੰਨ ਦੀ ਉਲੰਘਣਾ ਕਰਕੇ ਟਰੈਕਟਰ ਸਟੰਟਾਂ ਦੇ ਹੋ ਰਹੇ ਮੁਕਾਬਲੇ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟਰੈਕਟਰਾਂ ਨਾਲ ਕੀਤੇ
Publish Date: Fri, 20 Feb 2026 07:54 PM (IST)
Updated Date: Sat, 21 Feb 2026 04:13 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਖ਼ਤਰਨਾਕ ਸਟੰਟਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ 'ਤੇ ਇਹ ਹੁਕਮ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿੰਦੇ ਨਜ਼ਰ ਆ ਰਹੇ ਹਨ। ਕੁਝ ਸਾਲ ਪਹਿਲਾਂ ਪੰਜਾਬ ਵਿੱਚ ਟ੍ਰੈਕਟਰ ਸਟੰਟਾਂ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਬਾਅਦ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਖਤਰਨਾਕ ਪ੍ਰਦਰਸ਼ਨਾਂ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਸੀ। ਹਾਲ ਹੀ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਵੀ ਜ਼ਿਲ੍ਹੇ ਅੰਦਰ ਟ੍ਰੈਕਟਰ ਸਟੰਟਾਂ 'ਤੇ ਸਖ਼ਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਸਨ। ਪਰ ਇਸਦੇ ਬਾਵਜੂਦ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜਹਰੀ ਵਿੱਚ ਸ਼ਰੇਆਮ ਟ੍ਰੈਕਟਰ ਸਟੰਟ ਕਰਵਾਏ ਗਏ। ਜਾਣਕਾਰੀ ਮੁਤਾਬਕ ਲੋੜ ਤੋਂ ਵੱਧ ਭਰੀ ਹੋਈ ਮਿੱਟੀ ਵਾਲੀਆਂ ਟਰਾਲੀਆਂ ਖਿੱਚਣ ਵਰਗੇ ਖਤਰਨਾਕ ਮੁਕਾਬਲੇ ਕਰਵਾਏ ਗਏ, ਜੋ ਕਿ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਸਨ। ਹੈਰਾਨੀ ਦੀ ਗੱਲ ਇਹ ਰਹੀ ਕਿ ਇਸ ਸਮਾਗਮ ਵਿੱਚ ਮੌਜੂਦਾ ਸੱਤਾਧਾਰੀ ਧਿਰ ਨਾਲ ਸੰਬੰਧਿਤ ਆਗੂ ਵੀ ਮੌਜੂਦ ਰਹੇ। ਇਸ ਦੌਰਾਨ ਨਾ ਤਾਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਕੀਤੀ ਗਈ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਲਿਆ ਗਿਆ। ਇਸ ਘਟਨਾ ਨੇ ਪ੍ਰਸ਼ਾਸਨਿਕ ਕਾਰਵਾਈ ਅਤੇ ਕਾਨੂੰਨੀ ਪ੍ਰਬੰਧਾਂ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜੇਕਰ ਇਸ ਤਰ੍ਹਾਂ ਦੇ ਸਟੰਟਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਨਹੀਂ ਹੁੰਦੀ, ਤਾਂ ਆਉਣ ਵਾਲੇ ਸਮੇਂ ਵਿੱਚ ਕਿਸੇ ਵੱਡੇ ਹਾਦਸੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹੁਣ ਦੇਖਣਾ ਇਹ ਹੋਵੇਗਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦਾ ਹੈ ਜਾਂ ਫਿਰ ਹੁਕਮ ਇਉਂ ਹੀ ਕਾਗਜ਼ਾਂ ਤੱਕ ਸੀਮਤ ਰਹਿਣਗੇ।