ਬਾਲ ਭਵਨ ’ਚ ਮੈਗਾ ਮੈਡੀਕਲ ਕੈਂਪ 3 ਫਰਵਰੀ ਨੂੰ : ਡੀਸੀ
ਮਾਨਸਾ ਜ਼ਿਲ੍ਹੇ ਵਿੱਚ “ਸਾਡੇ ਬਜ਼ੁਰਗ, ਸਾਡਾ
Publish Date: Fri, 30 Jan 2026 07:20 PM (IST)
Updated Date: Sat, 31 Jan 2026 04:13 AM (IST)
-ਡੀਸੀ ਨੇ ਵੱਖ-ਵੱਖ ਸਰਗਰਮੀਆਂ ਬਾਰੇ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ
ਮਾਨਸਾ : ਮਾਨਸਾ ਜ਼ਿਲ੍ਹੇ ਵਿੱਚ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈਏਐੱਸ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ 3 ਫਰਵਰੀ ਨੂੰ ਸਥਾਨਕ ਬਾਲ ਭਵਨ ਵਿਖੇ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਡੀਸੀ ਨਵਜੋਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਪਿੰਡ ਪੱਧਰ ’ਤੇ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਸਬੰਧੀ, ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ, ਕਾਨੂੰਨੀ ਮਦਦ ਅਤੇ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਕੈਂਪ, ਜਾਗਰੂਕਤਾ ਮੁਹਿੰਮਾਂ ਤੇ ਆਉਟਰੀਚ ਪ੍ਰੋਗਰਾਮ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਗਰਮੀਆਂ ਰਾਹੀਂ ਬਜ਼ੁਰਗਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਬਿਰਧ ਆਸ਼ਰਮ ਦਾ ਦੌਰਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ “ਸਾਡੇ ਬਜ਼ੁਰਗ, ਸਾਡਾ ਮਾਣ” ਵਿਸ਼ੇ ’ਤੇ ਲੇਖ ਲਿਖਣ, ਪੇਂਟਿੰਗ ਸਮੇਤ ਹੋਰ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਬਜ਼ੁਰਗਾਂ ਦੇ ਸਤਿਕਾਰ ਤੇ ਭਲਾਈ ਬਾਰੇ ਜਾਗਰੂਕ ਕੀਤਾ ਜਾ ਸਕੇ। ਡੀਸੀ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦਾ ਸਨਮਾਨ, ਸੁਰੱਖਿਆ ਤੇ ਦੇਖਭਾਲ ਕਰਨਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ, ਜ਼ਰੂਰਤਮੰਦ ਬਜ਼ੁਰਗ ਨਾਗਰਿਕਾਂ ਤੱਕ ਸਰਕਾਰੀ ਸਹਾਇਤਾ, ਬੁਢਾਪਾ ਪੈਨਸ਼ਨ, ਸਿਹਤ ਬੀਮਾ, ਸਹਾਇਕ ਉਪਕਰਨ ਅਤੇ ਹੋਰ ਭਲਾਈ ਸਕੀਮਾਂ ਦੀ ਸਮੇਂ-ਸਿਰ ਪਹੁੰਚ ਯਕੀਨੀ ਬਣਾਉਣ ’ਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਇਕ ਲੋਕ ਲਹਿਰ ਦਾ ਰੂਪ ਦਿੱਤਾ ਜਾਵੇ, ਤਾਂ ਜੋ ਹਰ ਬਜ਼ੁਰਗ ਨਾਗਰਿਕ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚ ਸਕੇ।