ਡੀਸੀ ਵੱਲੋਂ ਮੈਰਿਟ 'ਚ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ
Publish Date: Mon, 11 May 2026 07:01 PM (IST)
Updated Date: Tue, 12 May 2026 04:09 AM (IST)

ਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਦਸਵੀਂ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਵਿੱਚ ਜ਼ਿਲ੍ਹਾ ਮਾਨਸਾ ਦੇ 5 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਡੀਸੀ ਨਵਜੋਤ ਕੌਰ ਆਈਏਐਸ ਨੇ ਇਸ ਵਿਸ਼ੇਸ਼ ਪ੍ਰਾਪਤੀ ਲਈ ਇਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਭੇਂਟ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀ ਆਪਣੀ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਸਦਕਾ ਮੋਹਰੀ ਸਥਾਨ ਹਾਸਲ ਕਰਦੇ ਹਨ ਅਤੇ ਹੋਰਨਾਂ ਲਈ ਰੋਲ ਮਾਡਲ ਬਣਦੇ ਹਨ। ਡਿਪਟੀ ਕਮਿਸ਼ਨਰ ਨੇ ਦਸਵੀਂ ਦੀ ਪ੍ਰੀਖਿਆ ਵਿੱਚੋਂ ਪਾਸ ਹੋਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਚਿਆਂ ਨੇ ਖੂਬ ਮਨ ਲਗਾ ਕੇ ਪੜ੍ਹਾਈ ਕੀਤੀ ਪਰ ਇਸ ਪ੍ਰਾਪਤੀ ਵਿੱਚ ਅਧਿਆਪਕਾਂ ਤੇ ਮਾਪਿਆਂ ਦੀ ਹੱਲਾਸ਼ੇਰੀ ਵੀ ਸ਼ਲਾਘਾਯੋਗ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੀ ਵਿਦਿਆਰਥਣ ਰੀਤੂ ਸ਼ਰਮਾ ਨੇ ਜ਼ਿਲ੍ਹੇ ਵਿੱਚੋਂ ਪਹਿਲਾ, ਗਿਆਨ ਸਰੋਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਦੀ ਵਿਦਿਆਰਥਣ ਗੁਰਸ਼ਾਨ ਕੌਰ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਦੀ ਪ੍ਰਾਚੀ ਤੇ ਸਰਕਾਰੀ ਹਾਈ ਸਕੂਲ ਮਾਖਾ ਚਹਿਲਾਂ ਦੀ ਵਿਦਿਆਰਥਣ ਅਕਾਸ਼ਦੀਪ ਕੌਰ ਨੇ ਵੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ।