ਸਿਹਤ ਅਧਿਕਾਰੀਆਂ ਨੂੰ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ
ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ
Publish Date: Tue, 28 Apr 2026 06:57 PM (IST)
Updated Date: Wed, 29 Apr 2026 04:14 AM (IST)
-ਸਕੂਲਾਂ ਦੇ 100 ਮੀਟਰ ਦੇ ਘੇਰੇ ’ਚ 'ਐਨਰਜੀ ਡਰਿੰਕਸ' ਦੀ ਵਿਕਰੀ 'ਤੇ ਪਾਬੰਦੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਨਿਵਾਸੀਆਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਨੂੰ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈਏਐੱਸ ਨੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਲਾਹਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਿਲਾਵਟੀ ਅਤੇ ਗੈਰ-ਮਿਆਰੀ ਵਸਤੂਆਂ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇੱਕ ਅਹਿਮ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ 'ਐਨਰਜੀ ਡ੍ਰਿੰਕਸ' ਦੀ ਵਿਕਰੀ 'ਤੇ ਪੂਰਨ ਰੋਕ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਜ਼ਾਰ ਵਿੱਚ ਵਿਕ ਰਹੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਜਿਵੇਂ ਕਿ ਘਿਉ, ਪਨੀਰ ਅਤੇ ਆਈਸ ਕਰੀਮ ਦੀ ਲਗਾਤਾਰ ਸੈਂਪਲਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਗੈਰ ਮਿਆਰੀ ਅਤੇ ਮਿਲਾਵਟੀ ਖੁਰਾਕੀ ਵਸਤੂਆਂ ਦੀ ਸਪਲਾਈ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਮੀਟਿੰਗ ਵਿੱਚ ਹਾਜ਼ਰ ਮਿਡ-ਡੇਅ-ਮੀਲ ਅਤੇ ਆਂਗਨਵਾੜੀ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਵਰਕਰਾਂ ਨੂੰ ਭੋਜਨ ਦੇ ਰੱਖ-ਰਖਾਅ ਅਤੇ ਸਾਫ਼-ਸਫ਼ਾਈ ਬਾਰੇ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਮਿਲਣ ਵਾਲਾ ਖਾਣਾ ਪੂਰੀ ਤਰ੍ਹਾਂ ਪੋਸ਼ਟਿਕ ਅਤੇ ਹਾਈ-ਜੀਨਿਕ ਹੋਣਾ ਚਾਹੀਦਾ ਹੈ। ਮੀਟਿੰਗ ਵਿੱਚ ਮੌਜੂਦ ਕੋਲਡ ਡ੍ਰਿੰਕਸ ਅਤੇ ਆਈਸ ਕਰੀਮ ਦੇ ਹੋਲ-ਸੇਲ ਵਿਕਰੇਤਾਵਾਂ ਤੇ ਉਤਪਾਦਕਾਂ ਨੂੰ ਵੀ ਸਖ਼ਤ ਹਦਾਇਤ ਦਿੱਤੀ ਗਈ ਕਿ ਉਹ ਸਿਰਫ਼ ਗੁਣਵੱਤਾ ਪੱਖੋਂ ਮਿਆਰੀ ਵਸਤੂਆਂ ਦੀ ਹੀ ਵਿਕਰੀ ਕਰਨ। ਜੇਕਰ ਕਿਸੇ ਵੀ ਇਕਾਈ ਦੇ ਸੈਂਪਲ ਫੇਲ੍ਹ ਪਾਏ ਗਏ ਤਾਂ ਭਾਰੀ ਜੁਰਮਾਨੇ ਦੇ ਨਾਲ-ਨਾਲ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ, ਡੀ.ਐੱਸ.ਪੀ. ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।