ਡੀਸੀ ਨੇ ਨਵੀਂ ਬਣੀ ਸੜਕ ਦੀ ਰਿਪੋਰਟ ਜਾਣਨ ਲਈ ਬਣਾਈ ਕਮੇਟੀ
ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ
Publish Date: Fri, 15 May 2026 07:52 PM (IST)
Updated Date: Sat, 16 May 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐੱਸ ਨੇ ਕੋਟ ਲੱਲੂ ਤੋਂ ਦਲੇਲ ਸਿੰਘ ਵਾਲਾ ਤੱਕ ਕੁਝ ਸਮਾਂ ਪਹਿਲਾਂ ਬਣਾਈ ਗਈ ਸੜਕ ਦੇ ਟੁੱਟਣ ਅਤੇ ਘਟੀਆ ਮਟੀਰੀਅਲ ਵਰਤੇ ਜਾਣ ਸਬੰਧੀ ਸੋਸ਼ਲ ਮੀਡੀਆ ਰਾਹੀਂ ਪ੍ਰਾਪਤ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲਿਆ ਹੈ। ਡਿਪਟੀ ਕਮਿਸ਼ਨਰ ਨੇ ਇਸ ਸੜਕ ਦੀ ਗੁਣਵੱਤਾ ਦੀ ਤਕਨੀਕੀ ਤੌਰ ਤੇ ਪੜਤਾਲ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ ਅਤੇ ਇਹ ਕਮੇਟੀ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਾਨਸਾ ਦੀ ਹਾਜ਼ਰੀ ਵਿੱਚ ਪੜ੍ਹਤਾਲ ਕਰੇਗੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਨਿਗਰਾਨ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ, ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ, ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ ਮਾਨਸਾ ਅਤੇ ਉਪ ਮੰਡਲ ਇੰਜੀਨੀਅਰ ਪੰਚਾਇਤੀ ਰਾਜ ਮਾਨਸਾ ਵੀ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਕਮੇਟੀ ਸਾਂਝੇ ਤੌਰ ਉਤੇ ਸੜਕ ਵਾਲੀ ਥਾਂ ਦਾ ਦੌਰਾ ਕਰੇਗੀ ਅਤੇ ਡੀਐਨਟੀ, ਟੈਂਡਰ ਪ੍ਰਕਿਰਿਆ ਦੀ ਚੈਕਿੰਗ, ਸੜਕ ਦੀ ਪੈਮਾਇਸ਼, ਸੈਂਪਲਿੰਗ, ਟੈਸਟਿੰਗ ਕਰਵਾਉਣ ਉਪਰੰਤ ਆਪਣੀ ਸਾਂਝੀ ਰਿਪੋਰਟ 7 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਪੇਸ਼ ਕਰੇਗੀ। ਡਿਪਟੀ ਕਮਿਸ਼ਨਰ ਨੇ ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ ਨੂੰ ਹਦਾਇਤ ਕੀਤੀ ਹੈ ਕਿ ਸੜਕ ਦੇ ਨਿਰਮਾਣ ਸਬੰਧੀ ਰਿਕਾਰਡ ਕਮੇਟੀ ਕੋਲ ਪੇਸ਼ ਕੀਤਾ ਜਾਵੇ।