ਡੀਸੀ ਨੇ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Publish Date: Sat, 18 Apr 2026 06:35 PM (IST)
Updated Date: Sun, 19 Apr 2026 04:12 AM (IST)
-ਕਿਹਾ, ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਲਈ ਮੰਡੀਆਂ ’ਚ ਹਰ ਪੱਖੋਂ ਕੀਤਾ ਪ੍ਰਬੰਧ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਦਾਣਾ ਮੰਡੀ ਦਾ ਦੌਰਾ ਕਰਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਨੇ ਪ੍ਰਬੰਧਾਂ ਬਾਰੇ ਜ਼ਮੀਨੀ ਪੱਧਰ ‘ਤੇ ਨਿਰੀਖਣ ਕੀਤਾ। ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਛੁੱਟੀ ਵਾਲੇ ਦਿਨ ਵੀ ਸਰਦੂਲਗੜ੍ਹ ਸਬ ਡਵੀਜ਼ਨ ਅਧੀਨ ਆਉਂਦੀਆਂ ਦਾਣਾ ਮੰਡੀਆਂ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਡੀਸੀ ਨਵਜੋਤ ਕੌਰ ਨੇ ਕਣਕ ਦੀ ਖ਼ਰੀਦ ਪ੍ਰਕਿਰਿਆ ਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਝੁਨੀਰ ਤੇ ਫੱਤਾ ਮਾਲੋਕਾ ਦਾਣਾ ਮੰਡੀਆਂ ਦੇ ਦੌਰੇ ਮੌਕੇ ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਲੱਖ 54 ਹਜ਼ਾਰ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 97 ਹਜ਼ਾਰ ਮੀ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚੋਂ 33 ਹਜ਼ਾਰ ਮੀਟ੍ਰਿਕ ਟਨ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ ਤੇ ਬਾਕੀ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ।
ਡੀਸੀ ਨਵਜੋਤ ਕੌਰ ਨੇ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਸਮੇਤ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਤੇ ਟਰਾਂਸਪੋਰਟਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦੀ ਖੁਦ ਜਾਂਚ ਕੀਤੀ। ਉਨ੍ਹਾਂ ਨੇ ਦਾਣਾ ਮੰਡੀਆਂ ਦੇ ਦਾਖਲਾ ਗੇਟਾਂ 'ਤੇ ਸਥਾਪਿਤ ਫਸਟ ਏਡ (ਮੁੱਢਲੀ ਸਹਾਇਤਾ) ਕੇਂਦਰਾਂ, ਪੀਣ ਲਈ ਸਾਫ਼ ਅਤੇ ਠੰਢੇ ਪਾਣੀ ਦੇ ਪ੍ਰਬੰਧ, ਗੁਸਲਖਾਨਿਆਂ ਦੀ ਨਿਯਮਤ ਸਫ਼ਾਈ ਦੇ ਪ੍ਰਬੰਧ ਵੀ ਦੇਖੇ। ਕੁਝ ਢੇਰੀਆਂ ਵਿੱਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਨਾਲੋਂ ਵੱਧ ਪਾਏ ਜਾਣ ’ਤੇ ਉਨ੍ਹਾਂ ਕਿਹਾ ਕਿ ਇਕ-ਦੋ ਦਿਨ ਦੀ ਤੇਜ਼ ਧੁੱਪ ਤੋਂ ਬਾਅਦ ਜਿਵੇਂ ਹੀ ਨਮੀ ਘਟੇਗੀ, ਤੁਰੰਤ ਖਰੀਦ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਮੁਸ਼ਕਲਾਂ ਦਾ ਫੌਰੀ ਹੱਲ ਕੀਤਾ ਜਾਵੇ। ਇਸ ਮੌਕੇ ਹਾਜ਼ਰ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਬਿਨਾਂ ਕਿਸੇ ਦੇਰੀ ਦੇ ਹੋ ਰਹੀ ਖਰੀਦ ਕਾਰਨ ਉਹ ਬੇਹੱਦ ਖੁਸ਼ ਹਨ।