ਮਾਨਸਾ ’ਚ ਫ਼ਰਦ ਕੇਂਦਰ ਮੁਲਾਜ਼ਮਾਂ ਵੱਲੋਂ ਮੀਟਿੰਗ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ
Publish Date: Sun, 26 Apr 2026 06:35 PM (IST)
Updated Date: Mon, 27 Apr 2026 04:14 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਮਾਨਸਾ ਵਿੱਚ ਜ਼ਿਲ੍ਹਾ ਬਾਡੀ ਦੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 1 ਮਈ 2026 (ਮਜ਼ਦੂਰ ਦਿਵਸ) ਨੂੰ ਸੰਗਰੂਰ ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚ ਕੇ ਸੰਘਰਸ਼ ਨੂੰ ਮਜ਼ਬੂਤ ਕਰਨ ਦਾ ਫੈਸਲਾ ਲਿਆ। ਜ਼ਿਲ੍ਹਾ ਸਕੱਤਰ ਸੇਵਕ ਸਿੰਘ ਜੋਗਾ, ਖ਼ਜ਼ਾਨਚੀ ਰਾਜੇਸ਼ ਕੁਮਾਰ, ਪ੍ਰੈਸ ਸਕੱਤਰ ਮੰਗਾ ਰਾਮ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਅਤੇ ਹੋਰ ਜ਼ਿਲ੍ਹਾ ਮੈਂਬਰ ਮੌਜੂਦ ਰਹੇ। ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਇਕ ਜ਼ਿਲ੍ਹੇ ਦੀ ਨਹੀਂ, ਸਗੋਂ ਸਾਰੇ ਪੰਜਾਬ ਦੇ ਫਰਦ ਕੇਂਦਰ ਦੇ ਮੁਲਾਜ਼ਮਾਂ ਦੀ ਸਾਂਝੀ ਲੜਾਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਲਈ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਕਿ ਉਨ੍ਹਾਂ ਲਈ ਪਾਲਿਸੀ ਬਣਾ ਕੇ ਸਰਕਾਰੀ ਵਿਭਾਗਾਂ ਵਿੱਚ ਲਿਆਂਦਾ ਜਾਵੇਗਾ, ਪਰ ਇਹ ਵਾਅਦੇ ਹਕੀਕਤ ਵਿੱਚ ਪੂਰੇ ਨਹੀਂ ਹੋਏ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਇਸ ਮਸਲੇ ਸਬੰਧੀ ਕਈ ਮੀਟਿੰਗਾਂ ਕੀਤੀਆਂ ਹਨ, ਪਰ ਹਾਲੇ ਤੱਕ ਕੋਈ ਢੰਗ ਦਾ ਹੱਲ ਨਹੀਂ ਨਿਕਲਿਆ। ਇਸ ਲਈ ਹੁਣ 1 ਮਈ ਮਜ਼ਦੂਰ ਦਿਵਸ ਮੌਕੇ ਤਿੱਖੇ ਰੋਸ ਪ੍ਰਦਰਸ਼ਨ ਰਾਹੀਂ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ। ਇਸ ਮੌਕੇ ਹੋਰ ਜ਼ਿਲ੍ਹਿਆਂ ਦੇ ਸਾਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹਾ ਪੱਧਰ ’ਤੇ ਮੀਟਿੰਗਾਂ ਕਰਕੇ ਵੱਡੀ ਗਿਣਤੀ ’ਚ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਣ। ਮੀਟਿੰਗ ਦੇ ਅੰਤ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਫਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ, ਜ਼ਿਲ੍ਹਾ ਮਾਨਸਾ ਤੋਂ ਵੱਡੀ ਗਿਣਤੀ ’ਚ ਸਾਥੀ 1 ਮਈ ਨੂੰ ਸੰਗਰੂਰ ਰੈਲੀ ’ਚ ਸ਼ਿਰਕਤ ਕਰਨਗੇ।