ਉਨ੍ਹਾਂ ਅੱਗੇ ਕਿਹਾ ਕਿ ਐਫਸੀਆਈ ਵੱਲੋਂ ਪਹਿਲਾਂ ਹੀ ਸਥਿਤੀ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਣੀ ਚਾਹੀਦੀ ਸੀ ਤਾਂ ਜੋ ਪੰਜਾਬ ਲਈ ਵੀ ਛੂਟ ਹਾਸਲ ਕੀਤੀ ਜਾ ਸਕਦੀ। ਪਰ ਹੁਣ ਕੇਂਦਰ ਸਰਕਾਰ ਵੱਲੋਂ ਕਮੇਟੀ ਬਣਾਕੇ ਸਿਰਫ ਖਾਨਾ-ਪੂਰੀ ਕੀਤੀ ਜਾ ਰਹੀ ਹੈ, ਜਿਸ ਨਾਲ ਮੰਡੀਆਂ ਵਿੱਚ ਕਿਸਾਨਾਂ ਦੀ ਮੁਸ਼ਕਲ ਹੋਰ ਵੱਧ ਰਹੀ ਹੈ।

ਸੀਨੀਅਰ ਸਟਾਫ ਰਿਪੋਰਟਰ ,ਬਠਿੰਡਾ। ਕਣਕ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਇਸ ਮਸਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਅਗਵਾਈ ਹੇਠ ਇੱਕ ਡੈਪੂਟੇਸ਼ਨ ਨੇ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਮੁਲਾਕਾਤ ਕੀਤੀ ਅਤੇ ਤੁਰੰਤ ਖਰੀਦ ਸ਼ੁਰੂ ਕਰਨ ਦੀ ਮੰਗ ਕੀਤੀ।
ਅੱਜ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜ਼ਿਲ੍ਹਾ ਬਠਿੰਡਾ ਦੇ ਆਗੂ ਅਮਰਜੀਤ ਹਨੀ ਨੇ ਦੱਸਿਆ ਕਿ ਪੰਜਾਬ ਦੀਆਂ ਸਮੂਹ ਖਰੀਦ ਏਜੰਸੀਆਂ ਵੱਲੋਂ ਅਚਾਨਕ ਕਣਕ ਦੀ ਸਰਕਾਰੀ ਖਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਮੰਡੀਆਂ ਵਿੱਚ ਕਣਕ ਲੈ ਕੇ ਪਹੁੰਚੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਹਜ਼ਾਰਾਂ ਕਿਸਾਨ ਆਪਣੀ ਫਸਲ ਲੈ ਕੇ ਬੈਠੇ ਹਨ ਪਰ ਖਰੀਦ ਨਾ ਹੋਣ ਕਰਕੇ ਉਹ ਖੱਜਲ-ਖੁਆਰ ਹੋ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਦੀ ਅਗਵਾਈ ਵਿੱਚ ਗਏ ਡੈਪੂਟੇਸ਼ਨ ਨੇ ਡੀਸੀ ਸਾਹਿਬ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਆ ਚੁੱਕੀ ਹੈ ਪਰ ਸਰਕਾਰੀ ਖਰੀਦ ਪੂਰੀ ਤਰ੍ਹਾਂ ਰੁਕੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਖਰੀਦ ਪ੍ਰਕਿਰਿਆ ਮੁੜ ਸ਼ੁਰੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਹੋ ਰਹੀ ਦਿੱਕਤ ਤੋਂ ਰਾਹਤ ਮਿਲ ਸਕੇ।
ਡੀਸੀ ਬਠਿੰਡਾ ਨੇ ਡੈਪੂਟੇਸ਼ਨ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਸਲੇ ਨੂੰ ਜਲਦੀ ਹੱਲ ਕੀਤਾ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਨੂੰ ਮੁੜ ਚਾਲੂ ਕਰਵਾਇਆ ਜਾਵੇਗਾ।
ਇਸ ਦੌਰਾਨ ਹਰਵਿੰਦਰ ਸਿੰਘ ਕੋਟਲੀ ਨੇ ਕੇਂਦਰ ਸਰਕਾਰ ਉੱਤੇ ਤਿੱਖੇ ਸ਼ਬਦਾਂ ਵਿੱਚ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਹਰਿਆਣਾ ਵਿੱਚ ਮੀਂਹ ਕਾਰਨ ਖਰਾਬ ਹੋਈ ਕਣਕ ਨੂੰ ਛੂਟ ਦਿੱਤੀ ਗਈ ਹੈ, ਪਰ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕੀਤਾ ਜਾਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਹੌਲੀ-ਹੌਲੀ ਸਰਕਾਰੀ ਖਰੀਦ ਪ੍ਰਣਾਲੀ ਤੋਂ ਪਿੱਛੇ ਹਟ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਐਫਸੀਆਈ ਵੱਲੋਂ ਪਹਿਲਾਂ ਹੀ ਸਥਿਤੀ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਣੀ ਚਾਹੀਦੀ ਸੀ ਤਾਂ ਜੋ ਪੰਜਾਬ ਲਈ ਵੀ ਛੂਟ ਹਾਸਲ ਕੀਤੀ ਜਾ ਸਕਦੀ। ਪਰ ਹੁਣ ਕੇਂਦਰ ਸਰਕਾਰ ਵੱਲੋਂ ਕਮੇਟੀ ਬਣਾਕੇ ਸਿਰਫ ਖਾਨਾ-ਪੂਰੀ ਕੀਤੀ ਜਾ ਰਹੀ ਹੈ, ਜਿਸ ਨਾਲ ਮੰਡੀਆਂ ਵਿੱਚ ਕਿਸਾਨਾਂ ਦੀ ਮੁਸ਼ਕਲ ਹੋਰ ਵੱਧ ਰਹੀ ਹੈ।
ਕਿਸਾਨ ਯੂਨੀਅਨ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੇ ਇਸ ਰਵੱਈਏ ਦੇ ਵਿਰੋਧ ਵਿੱਚ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕਿਸਾਨ ਭਰਾਵਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ।
ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਦੀਪ ਸਿੰਘ ਨਾਥਪੁਰਾ, ਨਥਾਣਾ ਬਲਾਕ ਦੇ ਪ੍ਰਧਾਨ ਪਾਲਾ ਸਿੰਘ ਸੇਮਾ, ਗੁਰਤੇਜ ਸਿੰਘ ਸੇਮਾ, ਕਸ਼ਮੀਰਾ ਸਿੰਘ ਭੁੱਚੋ ਖੁਰਦ, ਸੁਖਮੰਦਰ ਸਿੰਘ, ਲਾਭ ਸਿੰਘ, ਬੰਤ ਸਿੰਘ ਗੋਬਿੰਦਪੁਰਾ, ਨਰ ਸਿੰਘ, ਜੈਲਾ ਸਿੰਘ ਚਹਿਲ, ਰਾਜੂ ਸਿੰਘ ਚੱਕ ਫਤਿਹ ਸਿੰਘ ਵਾਲਾ ਅਤੇ ਬਲਦੇਵ ਸਿੰਘ ਭੁੱਚੋ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।