ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ’ਚ ਰੋਸ
ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ
Publish Date: Thu, 16 Apr 2026 05:22 PM (IST)
Updated Date: Thu, 16 Apr 2026 05:24 PM (IST)

- ਕਿਸਾਨ ਜਥੇਬੰਦੀਆਂ ਕਰਨਗੀਆਂ ਰੇਲਾਂ ਦਾ ਚੱਕਾ ਜਾਮ ਅੱਜ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਕਣਕ ਅਤੇ ਹੋਰ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਬਾਅਦ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਅਤੇ ਕਣਕ ਦੀ ਬੇਕਦਰੀ ਅਤੇ ਲੁੱਟ ਕਾਰਨ ਕਿਸਾਨ ਭੜਕ ਗਏ ਹਨ। ਇਸ ਦਾ ਵਿਰੋਧ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 12 ਤੋਂ 3 ਵਜੇ ਤੱਕ 17 ਅਪ੍ਰੈਲ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਵੱਲੋਂ ਦਾਣੇ ਦੀ ਗੁਣਵੱਤਾ ਵਿੱਚ ਘਾਟ ਦਾ ਬਹਾਨਾ ਬਣਾ ਕੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਨਾਲ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਕਣਕ ਦੀ ਖ਼ਰੀਦ ਦੇ ਨਿਯਮਾਂ ਵਿੱਚ ਢਿੱਲ ਕਰ ਕੇ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਆਰਥਿਕ ਲੁੱਟ ਹੋਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਜਬੂਰੀ ਦਾ ਫ਼ਾਇਦਾ ਚੁੱਕ ਕੇ ਕਾਟ ਅਤੇ ਰੇਟਾਂ ਵਿੱਚ ਕੱਟ ਕਦਾਚਿੱਤ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤਾਧਾਰੀ ਸਰਕਾਰਾਂ ਲੋਕਾਂ ਦਾ ਸਬਰ ਨਾ ਪਰਖਣ ਜੇਕਰ ਫਿਰ ਵੀ ਸਰਕਾਰ ਵੱਲੋਂ ਲੋਕਾਂ ਦੇ ਪੱਖ ਨੂੰ ਅਣਗੌਲਿਆ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਸਿੰਘ ਭੈਣੀ ਬਾਘਾ, ਸਿਕੰਦਰ ਸਿੰਘ ਖਿਆਲਾ, ਮੱਖਣ ਸਿੰਘ, ਬੂਟਾ ਸਿੰਘ ਖਾਲਸਾ, ਤਾਰੀ ਸਿੰਘ, ਮਿੱਠੂ ਸਿੰਘ ਅਤਲਾ ਕਲਾਂ ਸਮੇਤ ਪਿੰਡ ਵਾਸੀ ਮੌਜੂਦ ਸਨ।