ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਵੱਲੋਂ ਉਨ੍ਹਾਂ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਵਿਚ ਚਿੰਤਾ ਪਾਈ ਜਾ ਰਹੀ ਹੈ।
ਗੁਰਤੇਜ ਸਿੰਘ ਸਿੱਧੂ, ਬਠਿੰਡਾ: ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਵੱਲੋਂ ਉਨ੍ਹਾਂ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਪਿਤਾ ਮਰਹੂਮ ਮੈਂਬਰ ਪਾਰਲੀਮੈਂਟ ਜਗਦੇਵ ਸਿੰਘ ਖੁੱਡੀਆਂ ਦੇ ਪਦ ਚਿੰਨ੍ਹਾਂ ’ਤੇ ਚਲਦਿਆਂ ਲੰਬੇ ਸਮੇਂ ਤੋਂ ਲੋਕ ਸੇਵਾ ਕਰ ਰਹੇ ਹਨ। ਉਹ ਬਠਿੰਡਾ ਲੋਕ ਸਭਾ ਖੇਤਰ ਤੋਂ ਮੈਂਬਰ ਪਾਰਲੀਮੈਂਟ ਬਣ ਕੇ ਆਪਣੇ ਪਿਤਾ ਜਗਦੇਵ ਸਿੰਘ ਖੁੱਡੀਆਂ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਦਾ ਯਤਨ ਕਰਨਗੇ।
ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਸਾਲ 1989 ਦੀਆਂ ਲੋਕ ਸਭਾ ਚੋਣਾਂ ਵਿਚ ਫਰੀਦਕੋਟ ਲੋਕ ਸਭਾ ਖੇਤਰ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤੇ ਸਨ। 28 ਦਸੰਬਰ 1989 ਨੂੰ ਉਹ ਭੇਦਭਰੇ ਢੰਗ ਨਾਲ ਘਰੋਂ ਲਾਪਤਾ ਹੋ ਗਏ ਸਨ ਅਤੇ ਛੇ ਦਿਨ ਬਾਅਦ ਉਨ੍ਹਾਂ ਦੀ ਲਾਸ਼ ਰਾਜਸਥਾਨ ਫੀਡਰ ਨਹਿਰ ਵਿੱਚੋਂ ਮਿਲੀ ਸੀ। ਜਥੇਦਾਰ ਜਗਦੇਵ ਸਿੰਘ ਖੁੱਡੀਆਂ ਨੇ ਮੈਂਬਰ ਪਾਰਲੀਮੈਂਟ ਬਣ ਕੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਕਈ ਸੁਪਨੇ ਸੰਜੋਏ ਸਨ, ਪਰ ਪਰਮਾਤਮਾਂ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ ਤੇ ਉਨ੍ਹਾਂ ਦੇ ਇਹ ਸੁਪਨੇ ਅਧੂਰੇ ਰਹਿ ਗਏ ਸਨ। ਹੁਣ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਪੁੱਤਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ ਤਾਂ ਉਹ ਹੁਣ ਬਠਿੰਡਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਬਣ ਕੇ ਆਪਣੇ ਪਿਤਾ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨਗੇ।
ਮੁਕਤਸਰ ਜ਼ਿਲ੍ਹੇ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਦੇ ਵਸਨੀਕ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਕਰੀਬ 5 ਸਾਲ ਜ਼ਿਲ੍ਹਾ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਹੇ ਹਨ। ਸਾਲ 2017 ਵਿਚ ਭਾਵੇਂ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਲੰਬੀ ਵਿਧਾਨ ਸਭਾ ਹਲਕੇ ਤੋਂ ਟਿਕਟ ਲਈ ਹਰੀ ਝੰਡੀ ਦੇ ਦਿੱਤੀ ਸੀ ਤੇ ਉਨ੍ਹਾਂ ਆਪਣੀ ਪ੍ਰਚਾਰ ਸਮੱਗਰੀ ਬਣਵਾ ਕੇ ਹਲਕੇ ਵਿਚ ਲਾ ਦਿੱਤੀ ਸੀ ਪਰ ਐਨ ਮੌਕੇ ’ਤੇ ਆ ਕੇ ਕਾਂਗਰਸ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਲੰਬੀ ਹਲਕੇ ਤੋਂ ਚੋਣ ਮੈਦਾਨ ਵਿਚ ਨਿੱਤਰ ਆਏ ਸਨ। ਉਸ ਸਮੇਂ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਸਨ। ਜਥੇਦਾਰ ਖੁੱਡੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਜਿੱਤ ਲਈ ਦਿਨ ਰਾਤ ਮਿਹਨਤ ਕੀਤੀ ਸੀ। ਸਬਰ, ਸੰਤੋਖ ਦੀ ਮੂਰਤ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਕਾਂਗਰਸ ਵੱਲੋਂ ਕਦਰ ਨਾ ਪਾਏ ਜਾਣ ਕਾਰਨ ਉਹ ਜੁਲਾਈ 2021 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ। ਉਨ੍ਹਾਂ ਲੰਬੀ ਵਿਧਾਨ ਸਭਾ ਹਲਕੇ ਤੋਂ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੂੰ 11 ਹਜ਼ਾਰ 696 ਵੋਟਾਂ ਨਾਲ ਹਰਾ ਦਿੱਤਾ ਸੀ। 31 ਮਈ 2023 ਨੂੰ ਪੰਜਾਬ ਸਰਕਾਰ ਨੇ ਜਥੇਦਾਰ ਖੁੱਡੀਆਂ ਨੂੰ ਮੰਤਰੀ ਬਣਾ ਕੇ ਖੇਤੀਬਾੜੀ, ਪਸ਼ੂ ਪਾਲਣ ਅਤੇ ਮੱਛੀ ਪਾਲਣ ਜਿਹੇ ਮਹੱਤਵਪੂਰਨ ਵਿਭਾਗ ਸੌਂਪ ਦਿੱਤੇ। ਉਨ੍ਹਾਂ ਪੰਜਾਬ ਦਾ ਖੇਤੀਬਾੜੀ ਮੰਤਰੀ ਹੁੰਦਿਆਂ ਕਿਸਾਨਾਂ ਦੀ ਭਲਾਈ ਲਈ ਕਈ ਅਹਿਮ ਕਦਮ ਚੁੱਕੇ।
ਲੰਬੀ ਤੋਂ ਬਾਦਲ ਵਿਰੁੱਧ ਲੜੀ ਚੋਣ
ਭਾਵੇਂ ਗੁਰਮੀਤ ਸਿੰਘ ਖੁੱਡੀਆਂ ਨੂੰ ਰਾਜਨੀਤੀ ਵਿਰਾਸਤ ਵਿੱਚੋਂ ਮਿਲੀ, ਪਰ ਉਹ ਕਰੀਬ 32 ਸਾਲ ਪੈਸੇ ਤੇ ਸਿਆਸੀ ਤੌਰ ’ਤੇ ਤਕੜੇ ਲੋਕਾਂ ਨਾਲ ਲੜਾਈ ਲੜਦੇ ਰਹੇ। ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਗੜ੍ਹ ਵਿਚ ਭਾਵੇਂ ਬਹੁਤੇ ਸਾਰੇ ਕਾਂਗਰਸੀ ਲੀਡਰ ਡਰਦੇ ਹੋਏ ਪਿੱਛੇ ਹਟ ਗਏ, ਪਰ ਗੁਰਮੀਤ ਸਿੰਘ ਖੁੱਡੀਆਂ ਦਰਮਿਆਨੇ ਕਿਸਾਨ ਹੋਣ ਦੇ ਬਾਵਜੂਦ ਮੈਦਾਨ ਵਿਚ ਡਟੇ ਰਹੇ ਅਤੇ ਲੋਕਾਂ ਲਈ ਸੰਘਰਸ਼ ਕਰਦੇ ਰਹੇ। ਖੁੱਡੀਆਂ ਪਰਿਵਾਰ ਦਾ ਭਾਵੇਂ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਨਾਲ ਬਠਿੰਡਾ ਲੋਕ ਸਭਾ ਹਲਕੇ ਵਿਚ ਵੀ ਚੰਗਾ ਜਨ ਅਧਾਰ ਮੰਨਿਆ ਜਾਂਦਾ ਹੈ ਪਰ ਕਾਂਗਰਸ ਪਾਰਟੀ ਵਿਚ ਹੁੰਦਿਆਂ ਹੋਇਆ ਉਨ੍ਹਾਂ ਹਰ ਵਾਰ ਅਣਦੇਖਿਆਂ ਕੀਤਾ ਜਾਂਦਾ ਰਿਹਾ। ਹਾਲਾਕਿ ਉਸ ਸਮੇਂ ਕਾਂਗਰਸ ਪਾਰਟੀ ਨੂੰ ਬਾਦਲ ਪਰਿਵਾਰ ਦੇ ਮੁਕਾਬਲੇ ਖੁੱਡੀਆਂ ਪਰਿਵਾਰ ਨੂੰ ਰਾਜਸੀ ਤੌਰ ’ਤੇ ਤਕੜਾ ਕਰਨ ਦੀ ਜ਼ਰੂਰਤ ਸੀ ਪਰ ਸਿਆਸੀ ਗਿਣਤੀਆਂ ਮਿਣਤੀਆਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਨੇ ਅਜਿਹਾ ਨਹੀਂ ਕੀਤਾ।
ਆਮ ਇਨਸਾਨ ਨਹੀਂ ਸਨ ਜਥੇਦਾਰ ਜਗਦੇਵ ਸਿੰਘ ਖੁੱਡੀਆਂ
ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦਾ ਕਹਿਣਾ ਸੀ ਕਿ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਆਮ ਇਨਸਾਨ ਨਹੀਂ ਸਨ ਸਗੋਂ ਉਹ ਇਕ ਵੱਡੀ ਸ਼ਖਸੀਅਤ ਸਨ। ਹੋ ਸਕਦਾ ਹੈ ਮੈਂ ਉਨ੍ਹਾਂ ਵਰਗਾਂ ਤਾਂ ਨਾਂ ਬਣ ਸਕਾਂ, ਪਰ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਦਿਆਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ।