ਬੰਦ ਘਰ ’ਚੋਂ ਚੋਰੀ ਕਰਨ ਵਾਲੇ ਚਾਰ ਕਾਬੂ, ਪਿਸਤੌਲ ਤੇ ਰਾਈਫਲ ਬਰਾਮਦ
ਥਾਣਾ ਕੋਤਵਾਲੀ ਦੀ ਪੁਲਿਸ ਨੇ ਇੱਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੇ ਹਥਿਆਰ, ਜ਼ਿੰਦਾ ਕਾਰਤੂਸ ਅਤੇ ਹੋਰ ਸਾਮਾਨ ਵੀ ਬਰਾਮਦ ਕਰ ਲਿਆ ਹੈ।
Publish Date: Thu, 28 May 2026 05:51 PM (IST)
Updated Date: Thu, 28 May 2026 05:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਦੀ ਪੁਲਿਸ ਨੇ ਇੱਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੇ ਹਥਿਆਰ, ਜ਼ਿੰਦਾ ਕਾਰਤੂਸ ਅਤੇ ਹੋਰ ਸਾਮਾਨ ਵੀ ਬਰਾਮਦ ਕਰ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮੁਹੱਲਾ ਕਿੱਕਰ ਦਾਸ ਦੀ ਰਹਿਣ ਵਾਲੀ ਰੇਖਾ ਨਾਂ ਦੀ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੰਘੀ 17-18 ਮਈ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਉਨ੍ਹਾਂ ਦੇ ਬੰਦ ਘਰ ਦੇ ਤਾਲੇ ਤੋੜ ਦਿੱਤੇ ਸਨ। ਚੋਰ ਘਰ ਅੰਦਰੋਂ ਦੋ ਹਥਿਆਰ, ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ ਸਨ। ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਦੀ ਤਫ਼ਤੀਸ਼ ਦੌਰਾਨ ਕਥਿਤ ਚੋਰਾਂ ਦੀ ਪਛਾਣ ਕਰ ਕੇ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਰੋਹਿਤ, ਕਰਮਜੀਤ ਸਿੰਘ ਉਰਫ਼ ਬੌਬੀ, ਹੈਪੀ ਉਰਫ਼ ਖੰਨਾ ਅਤੇ ਵਿਨੈ ਕੁਮਾਰ ਫੈਸੀ ਵਜੋਂ ਹੋਈ ਹੈ। ਪੁਲਿਸ ਨੇ ਜਦੋਂ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਚੋਰੀ ਕੀਤਾ ਹੋਇਆ ਇੱਕ ਰਿਵਾਲਵਰ, ਹਾਕੀ ਟਾਈਪ ਰਾਈਫਲ ਅਤੇ ਕਾਰਤੂਸਾਂ ਸਮੇਤ ਹੋਰ ਸਾਮਾਨ ਬਰਾਮਦ ਹੋਇਆ। ਪੁਲਿਸ ਮੁਤਾਬਕ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਚੋਰੀ ਕੀਤੀ ਗਈ ਨਕਦੀ ਮੁਲਜ਼ਮ ਆਪਸ ਵਿੱਚ ਵੰਡ ਕੇ ਖ਼ਰਚ ਕਰ ਚੁੱਕੇ ਹਨ। ਪੁਲਿਸ ਰਿਕਾਰਡ ਅਨੁਸਾਰ ਫੜੇ ਗਏ ਇਨ੍ਹਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਡਕੈਤੀ ਵਰਗੇ ਕਈ ਗੰਭੀਰ ਮੁਕੱਦਮੇ ਦਰਜ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਦਰਜ ਮਾਮਲੇ ਵਿੱਚ ਹੋਰ ਸਖ਼ਤ ਧਾਰਾਵਾਂ ਦਾ ਵਾਧਾ ਕਰਕੇ ਅਦਾਲਤੀ ਰਿਮਾਂਡ ਹਾਸਲ ਕੀਤਾ ਹੈ ਅਤੇ ਲੁੱਟੇ ਗਏ ਬਾਕੀ ਸਾਮਾਨ ਦੀ ਬਰਾਮਦਗੀ ਲਈ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।