ਫਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ 132 ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਮਾਨਸਾ ਦੇ ਫ਼ਰਦ ਕੇਂਦਰ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਅਤੇ ਤਰਨ ਤਾਰਨ ਦੇ ਸਾਥੀ ਲਵਪ੍ਰੀਤ ਸਿੰਘ ਦੀ ਬਹਾਲੀ ਲਈ ਮਿਤੀ 5 ਮਈ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਵਜੋਂ ਹੜ੍ਹਤਾਲ ‘ਤੇ ਬੈਠੇ ਹੋਏ ਹਨ। ਪੰਜਾਬ ਪੱਧਰ ‘ਤੇ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਅੱਜ ਵੀ ਫ਼ਰਦ ਕੇਂਦਰਾਂ ਨਾਲ ਸੰਬੰਧਤ ਸਾਰੇ ਕੰਮ ਪੂਰ੍ਹੀ ਤਰ੍ਹਾਂ ਬੰਦ ਰਹੇ। ਇਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਤੇ ਖਜ਼ਾਨਚੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਫ਼ਰਦ ਕੇਂਦਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮ ਸਾਲ 2007 ਤੋਂ ਇਮਾਨਦਾਰੀ ਤੇ ਮਿਹਨਤ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਸਰਕਾਰ ਅਤੇ ਉੱਚ ਅਧਿਕਾਰੀਆਂ ਵੱਲੋਂ ਅਜੇ ਤੱਕ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ (ਪੀਐੱਲਆਰਐੱਸ) ਵੱਲੋਂ ਜਾਰੀ ਨਵੇਂ ਮੈਨਪਾਵਰ ਟੈਂਡਰ ਵਿੱਚ ਮੌਜੂਦਾ ਅਪਰੇਟਰਾਂ ਦੀ ਗਿਣਤੀ ਘਟਾ ਦਿੱਤੀ ਗਈ ਹੈ। ਇਸ ਕਾਰਨ ਮੁਲਾਜ਼ਮਾਂ ਤੇ ਸੇਵਾਦਾਰਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਕਰਮਚਾਰੀਆਂ ਨੂੰ ਪਾਲਿਸੀ ਤਹਿਤ ਰੈਗੂਲਰ ਕਰਨ ਦੇ ਵਾਅਦੇ ਕੀਤੇ ਗਏ ਸਨ। ਪਰ ਕਈ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਵੀ ਕੋਈ ਢੁਕਵਾਂ ਹੱਲ ਨਹੀਂ ਕੱਢਿਆ ਗਿਆ। ਜਥੇਬੰਦੀ ਵੱਲੋਂ ਸਮੇਂ-ਸਮੇਂ ’ਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ, ਪਰ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਾ ਹੋਣ ‘ਤੇ ਕਰਮਚਾਰੀਆਂ ਵਿੱਚ ਗੰਭੀਰ ਨਾਰਾਜ਼ਗੀ ਪਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਥੀ ਲਵਪ੍ਰੀਤ ਸਿੰਘ ਨੂੰ ਬਹਾਲ ਨਹੀਂ ਕੀਤਾ ਜਾਂਦਾ ਅਤੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ। ਉਦੋਂ ਤੱਕ ਜ਼ਿਲ੍ਹਾ ਮਾਨਸਾ ਦੇ ਸਮੂਹ ਫ਼ਰਦ ਕੇਂਦਰ ਪੰਜਾਬ ਪੱਧਰੀ ਸੰਘਰਸ਼ ਦੇ ਤਹਿਤ ਅਣਮਿੱਥੇ ਸਮੇਂ ਲਈ ਸਰਕਾਰ ਅਤੇ ਕੰਪਨੀ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਹੜਤਾਲ ਜਾਰੀ ਰੱਖਣਗੇ। ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਕੰਪਨੀ ਦੀ ਹੋਵੇਗੀ।
ਫਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਚੱਲ ਰਹੀ ਹੜਤਾਲ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਮਨਜੀਤ ਧਨੇਰ) ਵੱਲੋਂ ਸਮਰਥਨ ਦਿੱਤਾ। ਕਿਸਾਨ ਆਗੂਆਂ ਨੇ ਹੜਤਾਲੀ ਮੁਲਾਜ਼ਮਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੱਤਾ ਅਤੇ ਸਰਕਾਰ ਤੋਂ ਤੁਰੰਤ ਹੱਲ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਫਰਦ ਕੇਂਦਰਾਂ ਦਾ ਕੰਮ ਸਿੱਧਾ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ। ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫ਼ੀ ਮਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਮਨਜੀਤ ਧਨੇਰ) ਦੇ ਸੂਬਾ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਫ਼ਰਦ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਸਰਕਾਰ ਨੂੰ ਤੁਰੰਤ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਫਰਦ ਕੇਂਦਰ ਮੁਲਾਜ਼ਮਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਕਰਮਜੀਤ ਸਿੰਘ, ਖਜ਼ਾਨਚੀ ਰਾਜੇਸ਼ ਕੁਮਾਰ, ਗਗਨਦੀਪ ਸਿੰਘ, ਕੁਲਦੀਪ ਸਿੰਘ, ਗੁਰਦੀਪ ਕੌਰ, ਗੁਰਵਿੰਦਰ ਸਿੰਘ, ਸੁਖਵੀਰ ਸਿੰਘ ਤੇ ਸੁਖਦੀਪ ਕੌਰ ਸਮੇਤ ਹੋਰ ਅਪਰੇਟਰ ਹਾਜ਼ਰ ਸਨ।