ਫੂਡ ਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਚੌਕਸ : ਡੀਸੀ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰੇਲੂ ਗੈਸ
Publish Date: Tue, 24 Mar 2026 08:01 PM (IST)
Updated Date: Wed, 25 Mar 2026 04:11 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ (ਕਾਮਰਸ਼ੀਅਲ) ਵਰਤੋਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਫੂਡ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਗਈ। ਡੀਸੀ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਫੂਡ ਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਸਰਦੂਲਗੜ੍ਹ ਇਲਾਕੇ ’ਚ ਕੀਤੀ ਗਈ ਛਾਪਾਮਾਰੀ ਦੌਰਾਨ 13 ਘਰੇਲੂ ਗੈਸ ਸਿਲੰਡਰ ਜ਼ਬਤ ਕੀਤੇ ਹਨ, ਜੋ ਕਿ ਵਪਾਰਕ ਅਦਾਰਿਆਂ ’ਚ ਗ਼ੈਰ-ਕਾਨੂੰਨੀ ਢੰਗ ਨਾਲ ਵਰਤੇ ਜਾ ਰਹੇ ਸਨ। ਇਸ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਘਰੇਲੂ ਗੈਸ ਸਿਲੰਡਰ ਸਿਰਫ਼ ਰਸੋਈ ਦੀ ਵਰਤੋਂ ਲਈ ਰਿਆਇਤੀ ਦਰਾਂ 'ਤੇ ਦਿੱਤੇ ਜਾਂਦੇ ਹਨ। ਇਹਨਾਂ ਦੀ ਵਰਤੋਂ ਹਲਵਾਈਆਂ, ਢਾਬਿਆਂ, ਰੈਸਟੋਰੈਂਟਾਂ ਜਾਂ ਹੋਰ ਵਪਾਰਕ ਥਾਵਾਂ 'ਤੇ ਕਰਨਾ ਕਾਨੂੰਨੀ ਅਪਰਾਧ ਹੈ। ਉਨ੍ਹਾਂ ਸਖ਼ਤ ਸ਼ਬਦਾਂ ’ਚ ਚਿਤਾਵਨੀ ਦਿੱਤੀ ਕਿ ਅਜਿਹੀ ਬੇਨਿਯਮੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਵਿਭਾਗੀ ਟੀਮਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਰਦੂਲਗੜ੍ਹ ਦੇ ਵੱਖ-ਵੱਖ ਬਾਜ਼ਾਰਾਂ ਤੇ ਖਾਣ-ਪੀਣ ਦੀਆਂ ਦੁਕਾਨਾਂ 'ਤੇ ਅਚਾਨਕ ਚੈਕਿੰਗ ਕੀਤੀ ਅਤੇ ਜਾਂਚ ਪੜਤਾਲ ਦੌਰਾਨ ਮੌਕੇ 'ਤੇ 13 ਘਰੇਲੂ ਸਿਲੰਡਰ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਤੁਰੰਤ ਜ਼ਬਤ ਕਰਕੇ ਸਬੰਧਤ ਧਿਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਸੀ ਨੇ ਕਿਹਾ ਕਿ ਘਰੇਲੂ ਸਿਲੰਡਰਾਂ ਦੀ ਵਪਾਰਕ ਵਰਤੋਂ ਨਾ ਸਿਰਫ਼ ਆਰਥਿਕ ਅਪਰਾਧ ਹੈ, ਸਗੋਂ ਸੁਰੱਖਿਆ ਦੇ ਲਿਹਾਜ਼ ਨਾਲ ਵੀ ਖ਼ਤਰਨਾਕ ਸਾਬਤ ਹੋ ਸਕਦੀ ਹੈ। ਡੀਸੀ ਨਵਜੋਤ ਕੌਰ ਨੇ ਸਖਤ ਸ਼ਬਦਾਂ ’ਚ ਹਦਾਇਤ ਕੀਤੀ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਅਦਾਰੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਜ਼ਿਲ੍ਹੇ ਦੇ ਹੋਰਨਾਂ ਕਸਬਿਆਂ ’ਚ ਵੀ ਚੈਕਿੰਗ ਮੁਹਿੰਮ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਫੂਡ ਤੇ ਸਿਵਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗੈਸ ਏਜੰਸੀਆਂ ਦੇ ਸਟਾਕ ਅਤੇ ਡਿਲੀਵਰੀ ਪ੍ਰਣਾਲੀ 'ਤੇ ਵੀ ਤਿੱਖੀ ਨਜ਼ਰ ਰੱਖਣ, ਤਾਂ ਜੋ ਘਰੇਲੂ ਸਪਲਾਈ ਦੀ ਕਾਲਾਬਾਜ਼ਾਰੀ ਨੂੰ ਰੋਕਿਆ ਜਾ ਸਕੇ।