ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ ਰਚਿਆ ਇਤਿਹਾਸ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ
Publish Date: Thu, 30 Apr 2026 05:31 PM (IST)
Updated Date: Fri, 01 May 2026 04:11 AM (IST)

73 ਵਿਦਿਆਰਥੀਆਂ ਨੇ ਐੱਨ.ਐੱਮ.ਐੱਸ.ਐੱਸ ਪ੍ਰੀਖਿਆ ਕੀਤੀ ਪਾਸ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਐਨ.ਐਮ.ਐਸ.ਐਸ. ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਕੁੱਲ 73 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਸਫ਼ਲਤਾਪੂਰਵਕ ਪਾਸ ਕੀਤੀ। ਇਨ੍ਹਾਂ ਵਿੱਚ ਬੁਢਲਾਡਾ ਦੇ 20 ਬੱਚੇ, ਬਰੇਟਾ ਬਲਾਕ ਦੇ 27, ਮਾਨਸਾ ਬਲਾਕ ਦੇ 9, ਝੁਨੀਰ ਬਲਾਕ ਦੇ 9 ਅਤੇ ਸਰਦੂਲਗੜ੍ਹ ਬਲਾਕ ਦੇ 8 ਵਿਦਿਆਰਥੀ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਆਪਣੀ ਯੋਗਤਾ ਸਾਬਤ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਾਪਤੀਆਂ ਜਾਰੀ ਰਹਿਣਗੀਆਂ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਸਾਰੇ ਸਫਲ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਨ.ਐਮ.ਐਸ.ਐਸ. ਵਰਗੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਹੋਰ ਉੱਚਾਈਆਂ ਤੱਕ ਲਿਜਾਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਉੱਪਰ ਅੰਚਲਪ੍ਰੀਤ ਕੌਰ ਸਸਸਸ ਗੰਢੂ ਕਲਾਂ ਨੇ ਪਹਿਲਾ, ਜਸਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਦੋਦੜਾ ਨੇ ਦੂਜਾ, ਹਰਗੁਣ ਕੌਰ ਸਸਸਸ ਗੰਢੂ ਕਲਾਂ ਨੇ ਦੂਜਾ, ਕਰਨਵੀਰ ਸਿੰਘ ਸਰਕਾਰੀ ਹਾਈ ਸਕੂਲ ਦਿਆਲਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਨਵਨੀਤ ਕੱਕੜ ਵੀ ਹਾਜ਼ਰ ਸਨ।