ਪਿੰਡ ਜੰਡਾਂਵਾਲਾ ਵਿੱਚ ਦੋ ਧਿਰਾਂ ਵਿਚਾਲੇ ਝੜਪ ਦੌਰਾਨ ਗੋਲੀ ਚੱਲੀ, ਤਿੰਨ ਜ਼ਖ਼ਮੀ
ਜ਼ਿਲ੍ਹਾ ਬਠਿੰਡਾ ਦੇ ਪਿੰਡ ਜੰਡਾਂਵਾਲਾ ਵਿੱਚ ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਗੋਲੀ ਚੱਲਣ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ, ਜਦਕਿ ਦੋ ਹੋਰ ਜ਼ਖ਼ਮੀਆਂ ਨੂੰ ਗੋਨਿਆਣਾ ਮੰਡੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Publish Date: Thu, 28 May 2026 06:21 PM (IST)
Updated Date: Thu, 28 May 2026 06:22 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਪਿੰਡ ਜੰਡਾਂਵਾਲਾ ਵਿੱਚ ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਗੋਲੀ ਚੱਲਣ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ, ਜਦਕਿ ਦੋ ਹੋਰ ਜ਼ਖ਼ਮੀਆਂ ਨੂੰ ਗੋਨਿਆਣਾ ਮੰਡੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਅਤੇ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਥਾਣਾ ਨੇਹੀਆਂਵਾਲਾ ਦੇ ਐੱਸਐੱਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਦੋ ਧਿਰਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਇਕ ਧਿਰ ਵੱਲੋਂ ਗੋਲੀ ਚਲਾਈ ਗਈ, ਜਿਸ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਨੇ ਦੂਜੇ ਕੋਲੋਂ ਜ਼ਮੀਨ ਦੇ ਠੇਕੇ ਨਾਲ ਸਬੰਧਿਤ ਰਕਮ ਲੈਣੀ ਸੀ ਅਤੇ ਇਸੇ ਵਿਵਾਦ ਕਾਰਨ ਇਹ ਘਟਨਾ ਵਾਪਰੀ। ਪਿੰਡ ਵਾਸੀਆਂ ਅਨੁਸਾਰ ਗੋਲੀ ਲੱਗਣ ਨਾਲ ਜਗਸੀਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਇਸ ਤੋਂ ਇਲਾਵਾ ਪਿੰਡ ਦੇ ਦੋ ਹੋਰ ਵਿਅਕਤੀ ਵੀ ਇਸ ਝੜਪ ਦੌਰਾਨ ਜ਼ਖ਼ਮੀ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।