ਪੁਲਿਸ ਦੀ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਵੱਲੋਂ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ ਗਿਆ। ਸਹਾਰਾ ਜਨ ਸੇਵਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ ਸੁਰੱਖਿਅਤ ਰੱਖ ਦਿੱਤਾ ਗਿਆ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਵਿੱਚ ਪੈ ਰਹੀ ਭਿਆਨਕ ਗਰਮੀ ਲੋਕਾਂ ਲਈ ਜਾਨਲੇਵਾ ਸਾਬਤ ਹੋ ਰਹੀ ਹੈ। ਮੰਗਲਵਾਰ ਨੂੰ ਸਥਾਨਕ 100 ਫੁੱਟੀ ਰੋਡ ’ਤੇ ਇਕ ਬੇਸਹਾਰਾ ਵਿਅਕਤੀ ਦੀ ਗਰਮੀ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸਦੇ ਨਾਲ ਹੀ ਦੋ ਹੋਰ ਵਿਅਕਤੀ ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਪਏ, ਜਿਨ੍ਹਾਂ ਨੂੰ ਸਹਾਰਾ ਜਨ ਸੇਵਾ ਦੀ ਟੀਮ ਵੱਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਸਥਾਨਕ 100 ਫੁੱਟੀ ਰੋਡ ’ਤੇ ਡਿਵਾਈਡਰ ਉੱਤੇ ਇਕ ਵਿਅਕਤੀ ਦੀ ਲਾਸ਼ ਪਈ ਹੋਣ ਸਬੰਧੀ ਸੂਚਨਾ ਸਹਾਰਾ ਮੁੱਖ ਦਫ਼ਤਰ ਨੂੰ ਮਿਲੀ। ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਲੈ ਕੇ ਤੁਰੰਤ ਮੌਕੇ ’ਤੇ ਪਹੁੰਚੇ। ਉਸ ਸਮੇਂ ਥਾਣਾ ਸਿਵਲ ਲਾਈਨ ਦੀ ਪੁਲਿਸ ਵੀ ਮੌਕੇ ’ਤੇ ਮੌਜੂਦ ਸੀ।
ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਗਈ। ਮ੍ਰਿਤਕ ਡਿਵਾਈਡਰ ’ਤੇ ਪਿਆ ਹੋਇਆ ਸੀ ਅਤੇ ਮੁੱਢਲੀ ਜਾਂਚ ਵਿੱਚ ਉਹ ਬੇਸਹਾਰਾ ਵਿਅਕਤੀ ਲੱਗ ਰਿਹਾ ਸੀ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਭਿਆਨਕ ਗਰਮੀ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਕੋਲੋਂ ਕੋਈ ਵੀ ਪਛਾਣ ਸਬੰਧੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਕਾਰਨ ਉਸਦੀ ਸ਼ਨਾਖਤ ਨਹੀਂ ਹੋ ਸਕੀ। ਪੁਲਿਸ ਦੀ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਵੱਲੋਂ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ ਗਿਆ। ਸਹਾਰਾ ਜਨ ਸੇਵਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ ਸੁਰੱਖਿਅਤ ਰੱਖ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਵਿੱਚ ਗਰਮੀ ਕਾਰਨ ਇਹ ਦੂਜੀ ਮੌਤ ਹੈ। ਇਸ ਤੋਂ ਇਲਾਵਾ ਗਰਮੀ ਕਾਰਨ ਦੋ ਹੋਰ ਲੋਕਾਂ ਦੀ ਤਬੀਅਤ ਵੀ ਵਿਗੜ ਗਈ। ਪਹਿਲੀ ਘਟਨਾ ਵਿੱਚ ਬਠਿੰਡਾ-ਗੋਨਿਆਣਾ ਰੋਡ ’ਤੇ ਝੀਲ ਨੰਬਰ ਇਕ ਦੇ ਨੇੜੇ ਇਕ ਵਿਅਕਤੀ ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਪਿਆ। ਦੂਜੀ ਘਟਨਾ ਵਿੱਚ ਸਥਾਨਕ ਬੱਸ ਅੱਡੇ ਵਿਚ ਇਕ ਯਾਤਰੀ ਨੂੰ ਚੱਕਰ ਆ ਗਿਆ ਅਤੇ ਉਹ ਬੇਹੋਸ਼ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਦੋਵਾਂ ਘਟਨਾਵਾਂ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਰੈਸਕਿਊ ਟੀਮ ਦੇ ਮੈਂਬਰ ਗੌਤਮ ਗੋਇਲ ਅਤੇ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਅਤੇ ਦੋਹਾਂ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ। ਸਹਾਰਾ ਜਨ ਸੇਵਾ ਦੇ ਪ੍ਰਧਾਨ ਗੌਤਮ ਗੋਇਲ ਨੇ ਕਿਹਾ ਕਿ ਸ਼ਹਿਰ ਵਿੱਚ ਪੈ ਰਹੀ ਤਿੱਖੀ ਗਰਮੀ ਨੂੰ ਦੇਖਦਿਆਂ ਸਹਾਰਾ ਦੀਆਂ ਐਂਬੂਲੈਂਸ ਅਤੇ ਰੈਸਕਿਊ ਟੀਮਾਂ ਲਗਾਤਾਰ ਸੇਵਾ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੁਪਹਿਰ ਸਮੇਂ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਤਾਂ ਜੋ ਗਰਮੀ ਤੋਂ ਬਚਿਆ ਜਾ ਸਕੇ।