ਭੈਣੀ ਬਾਘਾ ’ਚ ਬਿਜਲੀ ਦਫ਼ਤਰ ਘੇਰਿਆ
ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਵਿੱਚ ਉਸ
Publish Date: Tue, 03 Mar 2026 06:46 PM (IST)
Updated Date: Wed, 04 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਵਿੱਚ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਬਿਜਲੀ ਵਿਭਾਗ ਦੇ ਸਥਾਨਕ ਦਫ਼ਤਰ ਦਾ ਘਿਰਾਉ ਕਰ ਦਿੱਤਾ। ਦੋ ਮਜ਼ਦੂਰ ਪਰਿਵਾਰਾਂ ਦੇ ਬਕਾਇਆ ਬਿੱਲਾਂ ਦੇ ਚਲਦਿਆਂ ਬਿਨਾਂ ਕਿਸੇ ਲਿਖਤੀ ਨੋਟਿਸ ਦੇ ਉਨ੍ਹਾਂ ਦੇ ਬਿਜਲੀ ਮੀਟਰ ਪੱਟ ਲੈਣ ਦੀ ਕਾਰਵਾਈ ਖ਼ਿਲਾਫ਼ ਲੋਕਾਂ ਵਿੱਚ ਭਾਰੀ ਰੋਸ ਪਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ ਜਗਦੇਵ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਨਾਲ ਇਸ ਤਰ੍ਹਾਂ ਦੀ ਜਬਰਦਸਤੀ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਿਨਾਂ ਪਹਿਲਾਂ ਸੂਚਨਾ ਦਿੱਤੇ ਸਿੱਧਾ ਮੀਟਰ ਪੁੱਟਣਾ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਰੀਬ ਵਰਗ ਨਾਲ ਅਜਿਹਾ ਸਲੂਕ ਜਾਰੀ ਰਿਹਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਕਿਸਾਨਾਂ ਨੇ ਬਿਜਲੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਤੁਰੰਤ ਮੀਟਰ ਵਾਪਸ ਲਗਾਏ ਜਾਣ ਅਤੇ ਪੀੜਤ ਪਰਿਵਾਰਾਂ ਦੀ ਬਿਜਲੀ ਸਪਲਾਈ ਬਹਾਲ ਕੀਤੀ ਜਾਵੇ। ਰੋਸ ਦੇ ਮੱਦੇਨਜ਼ਰ ਵਿਭਾਗ ਦੇ ਮੁਲਾਜ਼ਮਾਂ ਨੂੰ ਝੁਕਣਾ ਪਿਆ ਅਤੇ ਮੌਕੇ ’ਤੇ ਹੀ ਪੱਟੇ ਗਏ ਮੀਟਰ ਵਾਪਸ ਕਰਕੇ ਘਰਾਂ ਦੀ ਬਿਜਲੀ ਦੁਆਰਾ ਚਾਲੂ ਕੀਤੀ ਗਈ। ਇਸ ਧਰਨੇ ਨੂੰ ਡਾ. ਕਾਲਾ ਸਿੰਘ ਠੂਠਿਆਂਵਾਲੀ, ਗੁਰਮੁਖ ਸਿੰਘ ਸੱਦਾ ਸਿੰਘ ਵਾਲਾ, ਜੀਤ ਸਿੰਘ ਭੈਣੀ ਬਾਘਾ ਤੇ ਭੋਲਾ ਸਿੰਘ ਭੈਣੀ ਬਾਘਾ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਯੂਨੀਅਨ ਹਮੇਸ਼ਾਂ ਅੱਗੇ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਨਿਆਂਇਕ ਕਾਰਵਾਈ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਵੀ ਇਕਜੁੱਟਤਾ ਦਿਖਾਉਂਦੇ ਹੋਏ ਕਿਹਾ ਕਿ ਗਰੀਬ ਪਰਿਵਾਰਾਂ ਨਾਲ ਹੋ ਰਹੀ ਨਾਇਨਸਾਫ਼ੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।