ਬਲਾਕ ਸੰਮਤੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਰੱਦ
ਮਾਨਸਾ ਬਲਾਕ ਸੰਮਤੀ
Publish Date: Thu, 05 Mar 2026 07:57 PM (IST)
Updated Date: Thu, 05 Mar 2026 07:59 PM (IST)
- ਮਾਨਸਾ ’ਚ ਬਲਾਕ ਸੰਮਤੀ ਚੇਅਰਮੈਨ ਚੋਣਾਂ ’ਚ ਅਕਾਲੀ ਦਲ ਨੇ ਧੱਕੇਸ਼ਾਹੀ ਦੇ ਲਾਏ ਦੋਸ਼
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਮਾਨਸਾ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ’ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਨਸਾ ਵਿਧਾਇਕ ਵੱਲੋਂ ਧੱਕੇਸ਼ਾਹੀ ਦੇ ਸ਼੍ਰੋਮਣੀ ਅਕਾਲੀ ਦਲ ਦੁਆਰਾ ਦੋਸ਼ ਲਾਉਂਦਿਆਂ ਚੋਣਾਂ ਦਾ ਬਾਈਕਾਟ ਕਰ ਦਿੱਤਾ ਗਿਆ। ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦੂਜੇ ਪਾਸੇ ਮਾਨਸਾ ਵਿਧਾਇਕ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਇਸ ਮੌਕੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਇਸਤਰੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਸਮਾਓਂ ਨੇ ਦੱਸਿਆ ਕਿ ਮਾਨਸਾ ’ਚ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀਆਂ ਚੋਣਾਂ ਨੂੰ ਲੈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ’ਚ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮਾਨਸਾ ਦੀਆਂ 25 ਬਲਾਕ ਸੰਮਤੀ ਸੀਟਾਂ ’ਚੋਂ 13 ਸੀਟਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਸਲ ਕੀਤੀਆਂ ਗਈਆਂ ਅਤੇ 8 ਸੀਟਾਂ ’ਤੇ ਆਮ ਆਦਮੀ ਪਾਰਟੀ ਦੁਆਰਾ ਜਿੱਤ ਹਾਸਲ ਕੀਤੀ ਗਈ ਸੀ। 2 ’ਤੇ ਕਾਂਗਰਸ, ਇੱਕ ਆਜ਼ਾਦ ਅਤੇ ਇੱਕ ‘ਆਪ’ ਦੇ ਉਮੀਦਵਾਰ ਦੀ ਸਰਬਸੰਮਤੀ ਨਾਲ ਚੋਣ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਦੀ ਬਲਾਕ ਸੰਮਤੀ ਮੈਂਬਰ ਮਨਦੀਪ ਕੌਰ, ਜੀਤੇਂਦਰ ਕੌਰ ਨੇ ਦੋਸ਼ ਲਾਇਆ ਕਿ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਅਹੁਦੇ ਲਈ ਚੋਣ ਸੀ। ਪਰ ‘ਆਪ’ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕੇਂਦਰ ’ਚ ਵੀਡੀਓਗ੍ਰਾਫ਼ੀ ਵੀ ਨਹੀਂ ਕੀਤੀ ਜਾ ਰਹੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਦੋਸ਼ਾਂ ਨੂੰ ਨਕਾਰਦਿਆਂ ਬਹੁਮਤ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਪਾਰਦਰਸ਼ੀ ਤਰੀਕੇ ਨਾਲ ਹੋ ਰਹੀਆਂ ਸਨ। ਵੀਡੀਓਗ੍ਰਾਫ਼ੀ ਉਹ ਕਰਵਾ ਲੈਣ ਪਰ ਉਹ ਅੰਦਰ ਹੀ ਨਹੀਂ ਆਏ।