ਈ-ਸੇਵਾ ਪੋਰਟਲ ’ਤੇ ਦਰਖਾਸਤਾਂ ਦੇ ਨਿਪਟਾਰੇ ’ਚ ਜ਼ਿਲ੍ਹਾ ਮਾਨਸਾ ਸੂਬੇ ਭਰ ’ਚੋਂ ਦੂਜੇ ਸਥਾਨ ’ਤੇ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ
Publish Date: Thu, 07 May 2026 05:41 PM (IST)
Updated Date: Thu, 07 May 2026 05:44 PM (IST)
- ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ
- 99.37 ਫ਼ੀਸਦੀ ਦਰਖਾਸਤਾਂ ਦਾ ਕੀਤਾ ਗਿਆ ਸਫ਼ਲਤਾਪੂਰਵਕ ਨਿਪਟਾਰਾ
ਬਕਾਇਆ ਮਾਮਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੀਆਂ ਹਦਾਇਤਾਂ ਜਾਰੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸੁਚਾਰੂ, ਸਮਾਂ ਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਤੇ ਇਕ ਸਾਲ ਅੰਦਰ ਈ-ਸੇਵਾ ਪੋਰਟਲ 'ਤੇ ਪ੍ਰਾਪਤ ਦਰਖਾਸਤਾਂ ਦੇ ਨਿਪਟਾਰੇ ਵਿੱਚ 99.37 ਫ਼ੀਸਦੀ ਕਾਰਗੁਜ਼ਾਰੀ ਦਿਖਾਉਂਦੇ ਹੋਏ ਮਾਨਸਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਦੂਜੇ ਸਥਾਨ 'ਤੇ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸੇਵਾ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿੱਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਈ-ਸੇਵਾ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਨਾਲੋ ਨਾਲ ਨਿਪਟਾਰਾ ਕਰਨਾ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਅਜੇ ਵੀ ਬਕਾਇਆ ਹਨ, ਉਨ੍ਹਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇ ਤਾਂ ਜੋ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਲਈ ਆਉਣ ਵਾਲੇ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿੱਜੀ ਤੌਰ 'ਤੇ ਕੇਸਾਂ ਦੀ ਨਿਗਰਾਨੀ ਕਰਨ ਤਾਂ ਜੋ ਕੋਈ ਵੀ ਦਰਖਾਸਤ ‘ਡੈੱਡਲਾਈਨ’ ਤੋਂ ਪਾਰ ਨਾ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਉਪ ਮੰਡਲ ਮੈਜਿਸਟ੍ਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਬੁਢਲਾਡਾ ਗਗਨਦੀਪ ਸਿੰਘ ਅਤੇ ਉਪ ਮੰਡਲ ਮੈਜਿਸਟ੍ਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਸੇਵਾ ਕੇਂਦਰਾਂ ਦੇ ਅਧਿਕਾਰੀ ਹਾਜ਼ਰ ਸਨ।