ਕਰਜ਼ੇ ਦੇ ਬੋਝ ਕਾਰਨ ਨੌਜਵਾਨ ਮਜ਼ਦੂਰ ਨੇ ਕੀਤੀ ਖੁਦਕੁਸ਼ੀ
ਕਰਜ਼ੇ ਦੇ ਬੋਝ ਕਾਰਨ ਇੱਕ
Publish Date: Thu, 12 Mar 2026 09:07 PM (IST)
Updated Date: Thu, 12 Mar 2026 09:09 PM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਕਰਜ਼ੇ ਦੇ ਬੋਝ ਕਾਰਨ ਇੱਕ (26) ਸਾਲਾ ਮਜ਼ਦੂਰ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਵੱਲੋਂ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਥਾਣਾ ਸਦਰ ਮਾਨਸਾ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕਰਜ਼ੇ ਦੇ ਬੋਝ ਕਾਰਨ ਨਿੱਤ ਦਿਨ ਪੰਜਾਬ ਵਿੱਚ ਕਿਸਾਨ ਅਤੇ ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਇੱਕ ਮਜ਼ਦੂਰ ਹਰਪਾਲ ਸਿੰਘ (26) ਵੱਲੋਂ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਖੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਮਜ਼ਦੂਰ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਮਜ਼ਦੂਰ ਦੇ ਪਰਿਵਾਰਿਕ ਮੈਂਬਰਾਂ ਜਰਨੈਲ ਸਿੰਘ, ਮੱਖਣ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਪਾਲ ਸਿੰਘ ਵੱਲੋਂ ਆਪਣਾ ਘਰ ਬਣਾਉਣ ਲਈ ਬੈਂਕ ਅਤੇ ਪ੍ਰਾਈਵੇਟ 4 ਲੱਖ ਰੁਪਏ ਦੇ ਕਰੀਬ ਕਰਜ਼ ਸੀ। ਉਨ੍ਹਾਂ ਦੱਸਿਆ ਕਿ ਕਰਜ਼ੇ ਦੀਆਂ ਕਿਸ਼ਤਾਂ ਨਾ ਭਰੀਆਂ ਜਾਣ ਨੂੰ ਲੈ ਕੇ ਅਕਸਰ ਹੀ ਪਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਵੱਲੋਂ ਫ਼ਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਹਰਪਾਲ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ, ਛੋਟੇ ਦੋ ਬੱਚੇ, ਬੇਟਾ ਅਤੇ ਬੇਟੀ ਅਤੇ ਆਪਣੇ ਬਜ਼ੁਰਗ ਮਾਪਿਆਂ ਨੂੰ ਛੱਡ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਪੂਰਾ ਕਰਜ਼ਾ ਮਾਫ਼ ਕੀਤਾ ਜਾਵੇ। ਥਾਣਾ ਸਦਰ ਮਾਨਸਾ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਨੰਗਲ ਕਲਾਂ ਵਿੱਚ ਹਰਪਾਲ ਸਿੰਘ 26 ਸਾਲ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ। ਇਸ ਸਬੰਧੀ ਥਾਣਾ ਸਦਰ ਨੂੰ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਕਰਜ਼ੇ ਦੇ ਕਾਰਨ ਖੁਦਕੁਸ਼ੀ ਕਰਨ ਸਬੰਧੀ ਬਿਆਨ ਦਰਜ ਕਰਵਾਏ ਗਏ ਹਨ। ਇਸ ਸਬੰਧੀ ਪੁਲਿਸ ਵੱਲੋਂ ਹੁਣ ਕਾਰਵਾਈ ਤਫ਼ਤੀਸ਼ ਵਿੱਚ ਲਿਆਂਦੀ ਜਾ ਰਹੀ ਹੈ।