Mansa News : ਬਲੈਕਮੇਲ ਤੋਂ ਪਰੇਸ਼ਾਨ ਪਾਵਰਕਾਮ ਦੇ ਮੁਲਾਜ਼ਮ ਨੇ ਡਿਊਟੀ ਦੌਰਾਨ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਲਾਏ ਇਹ ਦੋਸ਼
ਰੋਸ ਪ੍ਰਦਰਸ਼ਨ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਹਾਲੇ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਸੂਸਾਈਡ ਨੋਟ ਵਿੱਚ ਦਰਜ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
Publish Date: Sat, 16 May 2026 06:46 PM (IST)
Updated Date: Sat, 16 May 2026 07:46 PM (IST)
ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਸਬ ਡਿਵੀਜ਼ਨ ਬੁਢਲਾਡਾ ਦੇ ਗਰਿੱਡ ਅੰਦਰ ਡਿਊਟੀ ਦੌਰਾਨ ਬਿਜਲੀ ਬੋਰਡ ਦੇ ਐਸਐਸਏ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੇ ਉਸ ਵੇਲੇ ਹੋਰ ਤੂਲ ਫੜ੍ਹ ਲਿਆ, ਜਦੋਂਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਸਮੱਰਥਕਾਂ ਵੱਲੋਂ ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਹੋ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਾਤੇਵਾਸ ਵਿਖੇ ਜਾਖਲ ਬਰੇਟਾ ਰੋਡ ਜਾਮ ਕਰ ਦਿੱਤਾ ਗਿਆ।
ਰੋਸ ਪ੍ਰਦਰਸ਼ਨ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਹਾਲੇ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਸੂਸਾਈਡ ਨੋਟ ਵਿੱਚ ਦਰਜ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਮੌਕੇ ’ਤੇ ਧਰਨਾ ਦੇ ਰਹੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਕਿਹਾ ਕਿ ਜਦ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੁੰਦੀ, ਤਦ ਤੱਕ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਕਾਰਨ ਸੜਕ ਦੇ ਦੋਵੇਂ ਪਾਸਿਆਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ। ਸੂਚਨਾ ਮਿਲਣ ’ਤੇ ਐਸ ਐਚ ਓ ਬਰੇਟਾ ਕੁਲਵੰਤ ਸਿੰਘ ਅਤੇ ਥਾਣਾ ਸਦਰ ਦੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾਉਣ ਲਈ ਗੱਲਬਾਤ ਕੀਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ