ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਜਾਤੀ ਜਨਗਣਨਾ ਦੇ ਫ਼ਾਰਮ ਵਿਚ ਐਸਸੀ
Publish Date: Thu, 07 May 2026 06:36 PM (IST)
Updated Date: Thu, 07 May 2026 06:38 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਜਾਤੀ ਜਨਗਣਨਾ ਦੇ ਫ਼ਾਰਮ ਵਿਚ ਐੱਸਸੀ ਸਮਾਜ ਪ੍ਰਤੀ ਅਪਮਾਨਜਨਕ ਸ਼ਬਦ ਲਿਖਣ ਖ਼ਿਲਾਫ਼ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਸਾੜਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੰਗ ਕੀਤੀ ਕਿ ਪਰਫ਼ਾਰਮਾ ਛਪਵਾਉਣ ਵਾਲੇ ਅਧਿਕਾਰੀਆਂ ’ਤੇ ਐੱਸਸੀ/ਐੱਸਟੀ ਐਕਟ ਤਹਿਤ ਪਰਚਾ ਦਰਜ ਕੀਤਾ ਜਾਵੇ ਅਤੇ ਮੁੱਖ ਮੰਤਰੀ ਮਾਨ ਪੰਜਾਬ ਦੇ ਐੱਸਸੀ ਸਮਾਜ ਤੋਂ ਮਾਫ਼ੀ ਮੰਗਣ। ਇਸ ਮੌਕੇ ਸੰਬੋਧਨ ਕਰਦੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਗਣਨਾ 2026 ਦੇ ਜਾਰੀ ਕੀਤੇ ਫ਼ਾਰਮ ਵਿਚ ਜਾਤੀ ਕਾਲਮ ਭਰਨ ਲਈ ਅਨੂਸੂਚਿਤ ਜਾਤੀਆਂ ਨੂੰ ਅਪਮਾਨਤ ਕਰਨ ਵਾਲੇ ਅਤੇ ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਬੈਨ ਕੀਤੇ ਹੋਏ ਸ਼ਬਦ ਚੂਹੜਾ, ਭੰਗੀ ਦਰਜ ਕਰ ਕੇ ਮਜ੍ਹਬੀ ਸਿੱਖ ਅਤੇ ਵਾਲਮੀਕਿ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਸਤਾਵੇਜ਼ਾਂ ਵਿੱਚੋਂ ਅਜਿਹੇ ਸ਼ਬਦਾਂ ਦੀ ਵਰਤੋਂ ਸੱਤਾਧਾਰੀ ਹਾਕਮਾਂ ਅਤੇ ਉੱਚ ਅਧਿਕਾਰੀਆਂ ਦੀ ਜਾਤੀਵਾਦੀ ਮਾਨਸਿਕਤਾ ਨੂੰ ਉਜਾਗਰ ਕਰਦੀ ਹੈ।
ਉਨ੍ਹਾਂ ਕਿਹਾ ਕਿ ਜਾਤੀ ਜਨਗਣਨਾ ਤੋਂ ਬਾਅਦ ਆਬਾਦੀ ਦੇ ਹਿਸਾਬ ਨਾਲ ਹੱਕ ਮਿਲਣਾ ਤਾਂ ਦੂਰ ਪੰਜਾਬ ਸਰਕਾਰ ਪਹਿਲਾਂ ਹੀ ਅਨੁਸੂਚਿਤ ਜਾਤੀਆਂ ਨੂੰ ਅਪਮਾਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਦੇ ਕਾਗਜ਼ਾਂ ਵਿਚ ਸ਼ਰੇਆਮ ਅਪਮਾਨਤ ਸ਼ਬਦ ਲਿਖ ਕੇ ਦਲਿਤ ਸਮਾਜ ਨੂੰ ਜਲੀਲ ਕਰਨ ਦੇ ਮੁੱਦੇ ਤੇ ਵਿਰੋਧੀ ਸਿਆਸੀ ਪਾਰਟੀਆਂ ਦੇ ਲੀਡਰਾਂ ਨੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਫ਼ਾਰਮ ਪਾਸ ਕਰਨ ਵਾਲੇ ਅਧਿਕਾਰੀਆਂ ’ਤੇ ਪਰਚਾ ਦਰਜ ਕਰ ਕੇ ਦਲਿਤ ਸਮਾਜ ਤੋਂ ਮਾਫ਼ੀ ਮੰਗਣ। ਉਨ੍ਹਾਂ ਦੱਸਿਆ ਕਿ ਅੱਜ ਦੇ ਸੱਦੇ ਤਹਿਤ ਮਾਨਸਾ, ਬਰਨਾਲਾ, ਗੁਰਦਾਸਪੁਰ, ਬਠਿੰਡਾ, ਮੁਕਤਸਰ ਸਾਹਿਬ, ਸੰਗਰੂਰ, ਫਰੀਦਕੋਟ, ਫਿਰੋਜ਼ਪੁਰ, ਦੇ ਪਿੰਡਾਂ ਅੰਦਰ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਜਲਦੀ ਹੀ ਪੰਜਾਬ ਦੀਆਂ ਦਲਿਤ ਭਾਈਚਾਰੇ ਦੀਆਂ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਕਰ ਕੇ ਸਰਕਾਰ ਖ਼ਿਲਾਫ਼ ਤਿਖੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਮਾਨਸਾ, ਗੁਰਜੰਟ ਸਿੰਘ ਫੱਫੜੇ, ਟੈਹਲਾ ਸਿੰਘ ਨੇ ਵੀ ਸੰਬੋਧਨ ਕੀਤਾ।